Thursday, June 25, 2026

ਹਰਿਆਣਾ ਸਰਕਾਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ ਜਥੇ: ਅਵਤਾਰ ਸਿੰਘ

Avtar Singh SGPC

ਅੰਮ੍ਰਿਤਸਰ, 30 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਦੂਜਾ ਦਰਜਾ ਪ੍ਰਾਪਤ ਹੈ ਇਸ ਲਈ ਹਰਿਆਣਾ ਸਰਕਾਰ ਨੂੰ ਚਾਹੀਦਾ ਹੈ ਕਿ ਪੂਰੀ ਸੁਹਿਰਦਤਾ ਨਾਲ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਵੇ ਅਤੇ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰੇ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹਰਿਆਣਾ ਸੂਬੇ ਵਿੱਚ ਬਹੁਤ ਸਾਰੇ ਇਲਾਕੇ ਐਸੇ ਹਨ ਜੋ ਠੇਠ ਪੰਜਾਬੀ ਹਨ।ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਪੰਜਾਬੀਆਂ ਦਾ ਅਹਿਮ ਰੋਲ ਹੁੰਦਾ ਹੈ।ਇਸ ਵਾਰ ਬਣੀ ਸਰਕਾਰ ਵਿੱਚ ਬਹੁਤ ਸਾਰੇ ਵਿਧਾਇਕ ਤੇ ਅਧਿਕਾਰੀ ਐਸੇ ਹਨ ਜੋ ਚੰਗੀ ਤਰ੍ਹਾਂ ਪੰਜਾਬੀ ਭਾਸ਼ਾ ਬੋਲਦੇ ਤੇ ਸਮਝਦੇ ਹਨ।ਇਸ ਦੇ ਬਾਵਜੂਦ ਵੀ ਪੰਜਾਬੀ ਭਾਸ਼ਾ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹਰਿਆਣਾ ਵਿੱਚ ਦੂਜੀ ਭਾਸ਼ਾ ਵਜੋਂ ਕਾਨੂੰਨੀ ਤੌਰ ‘ਤੇ ਦਰਜਾ ਮਿਲ ਚੁੱਕਾ ਹੈ ਇਸ ਲਈ ਇਸ ਭਾਸ਼ਾ ਨੂੰ ਸਹੀ ਤਰੀਕੇ ਨਾਲ ਲਾਗੂ ਕਰਦਿਆਂ ਇਕ ਸੈਲ ਦੀ ਸਥਾਪਨਾ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕੀਤਾ ਜਾਂਦਾ ਹੈ ਉਸੇ ਤਰਜ਼ ਤੇ ਹਰਿਆਣਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਵਿਭਾਗਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ਤੇ ਲਾਗੂ ਕਰਵਾਏ ਅਤੇ ਜਿਨ੍ਹਾਂ ਸਕੁਲ਼ਾਂ ਵਿੱਚ ਪੰਜਾਬੀ ਅਧਿਆਪਕ ਨਹੀਂ ਹਨ ਉਨ੍ਹਾਂ ਸਕੂਲਾਂ ਵਿੱਚ ਪੰਜਾਬੀ ਅਧਿਆਪਕ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਬੰਦ ਕੀਤੇ ਗਏ ਰਸਾਲੇ ਵੀ ਮੁੜ ਸ਼ੁਰੂ ਹੋਣੇ ਚਾਹੀਦੇ ਹਨ ਤਾਂ ਕਿ ਪੰਜਾਬੀ ਪੜਣ ਵਾਲੇ ਲੋਕਾਂ ਨੂੰ ਵੀ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਕਾਜ ਬਾਰੇ ਮੁਕੰਮਲ ਜਾਣਕਾਰੀ ਮਿਲ ਸਕੇ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਕਰਵਾਇਆ ਜਾ ਰਿਹਾ ਹੈ ਜਿਸ ਦਾ ਵਿਸ਼ਾ ‘ਮਾਂ ਬੋਲੀ ਪੰਜਾਬੀ : ਸਰੋਕਾਰ ਤੇ ਸੰਭਾਵਨਾ’ ਰੱਖਿਆ ਗਿਆ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply