
ਅੰਮ੍ਰਿਤਸਰ, 6 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦੇ ਪਹਿਲੇ ਬੈਚ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਪੰਜਾਬ ਦੇ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਕੀਤਾ ਗਿਆ। ਇਸ ਮੌਕੇ ਆਈ. ਆਈ. ਐਮ ਕੋਜੀਕੋਡ ਦੇ ਡਾਇਰੈਕਟਰ ਪ੍ਰੋ. ਕੁਲਭੂਸ਼ਨ ਬਲੂਨੀ, ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ ਤੋਂ ਇਲਾਵਾ ਆਈ. ਆਈ. ਐਮ ਦੀ ਫੈਕਲਟੀ ਅਤੇ ਸੀਨੀਅਰ ਪ੍ਰਬੰਧਕੀ ਸਟਾਫ ਹਾਜ਼ਰ ਸੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਦਾ ਦਿਨ ਅੰਮ੍ਰਿਤਸਰ ਅਤੇ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਇਥੇ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਸਥਾਪਿਤ ਹੋਣ ਨਾਲ ਸਿੱਖਿਆ ਖੇਤਰ ਨੂੰ ਇਕ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਆਲਮੀ ਪੱਧਰ ‘ਤੇ ਹੋ ਰਹੇ ਵਿੱਤੀ ਬਦਲਾਅ ਦੇ ਇਸ ਦੌਰ ਵਿਚ ਅਜਿਹੇ ਸੰਸਥਾਨਾਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਵਪਾਰ ਅਤੇ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਸ. ਰੱਖੜਾ ਨੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਬੈਕਿੰਗ ਅਤੇ ਵਿੱਤੀ ਖੇਤਰ ਤੋਂ ਇਲਾਵਾ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਕੰਮਾਂ ਲਈ ਵੀ ਅੱਗੇ ਆਉਣ। ਸ. ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਉਸ ਦੀ ਕੋਸ਼ਿਸ਼ ਹੈ ਕਿ ਹਰੇਕ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰੇ।
ਆਈ. ਆਈ. ਐਮ ਕੋਜੀਕੋਡ ਦੇ ਡਾਇਰੈਕਟਰ ਪ੍ਰੋ. ਕੁਲਭੂਸ਼ਨ ਬਲੂਨੀ ਨੇ ਇਸ ਮੌਕੇ ਆਈ. ਆਈ. ਐਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਆਈ. ਆਈ. ਐਮ ਦੇ ਪੰਜਾਬ ਵਿਚ ਸਥਾਪਿਤ ਹੋਣ ਨਾਲ ਸੂਬੇ ਦੇ ਸਿੱਖਿਆ ਖੇਤਰ ਵਿਚ ਇਕ ਵੱਡੀ ਤਬਦੀਲੀ ਆਵੇਗੀ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਦਾ ਪਹਿਲਾ ਅਤੇ ਦੇਸ਼ ਦਾ 14ਵਾਂ ਆਈ. ਆਈ. ਐਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਉਨ੍ਹਾਂ ਦੀ ਇਕ ਨਵੀਂ ਅਤੇ ਸ਼ਾਨਦਾਰ ਸ਼ੁਰੂਆਤ ਹੈ ਅਤੇ ਉਨ੍ਹਾਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰੋ. ਐਮ. ਪੀ ਸਬੇਸਟੀਅਨ, ਪ੍ਰੋ. ਐਸ. ਐਸ ਕੁਮਾਰ, ਪ੍ਰੋ. ਐਸ. ਕੇ ਸਵਾਮ, ਸ੍ਰੀ ਅਨਿਰੁੱਧ ਫੜਕੇ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਰੱਖੇ।
Punjab Post Daily Online Newspaper & Print Media