ਬਟਾਲਾ, 12 ਅਗਸਤ (ਨਰਿੰਦਰ ਸਿੰਘ ਬਰਨਾਲ)- ਕਿਸੇ ਵੀ ਦੇਸ ਜਾਂ ਸੂਬੇ ਦੀ ਤਰੱਕੀ ਦਾ ਅਧਾਰ ਉਥੋਂ ਦੇ ਨੌਜਵਾਨਾਂ ਦਾ ਉੱਚ ਸਿੱਖਿਆ ਪ੍ਰਾਪਤ ਹੋਣਾ ਹੈ ਅਤੇ ਸਿੱਖਿਆ ਦੇ ਇਸ ਅਹਿਮ ਖੇਤਰ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬਟਾਲਾ ਹਲਕਾ ਤੋਂ ਮੁੱਖ ਸੇਵਾਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਬਟਾਲਾ ਵਿਖੇ ਪਾਰਟੀ ਦਫਤਰ ‘ਚ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਲੋਧੀਨੰਗਲ ਨੇ ਕਿਹਾ ਕਿਹਾ ਕਿ ਰਾਜ ਸਰਕਾਰ ਨੇ ਪਿੰਡਾਂ ਅੰਦਰ ਬਣੇ ਸਕੂਲਾਂ ਨੂੰ ਅਪਗਰੇਡ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ 12ਵੀਂ ਤੱਕ ਦੀ ਪੜਾਈ ਕਰਨ ਲਈ ਬਹੁਤੀ ਦੂਰੀ ਤਹਿ ਨਾ ਕਰਨੀ ਪਵੇ।ਇਸ ਤੋਂ ਇਲਾਵਾ ਰਾਜ ਵਿੱਚ ਉਚੇਰੀ ਸਿੱਖਿਆ ਦੇ ਪਾਸਰ ਲਈ ਨਵੀਆਂ ਯੂਨੀਵਰਸਿਟੀਆਂ, ਕਾਲਜ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ 80 ਫ਼ੀਸਦੀ ਨੰਬਰ ਲੈ ਕੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਯੋਜਨਾ ਤਹਿਤ 30 ਹਜ਼ਾਰ ਰੁਪਏ ਸਾਲਾਨਾ ਵਜੀਫ਼ੇ ਦੇਣ ਦੇ ਨਾਲ ਮੈਰਿਟ ‘ਚ ਆਉਣ ਵਾਲੇ ਹੁਸ਼ਿਆਰ ਵਿਦਿਆਰਥੀਆਂ ਦੀ ਮੁਫਤ ਸਿੱਖਿਆ ਲਈ ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ।
ਸ. ਲੋਧੀਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਜਿੱਥੇ ਪਹਿਲਕਦਮੀ ਨਾਲ ਕੰਮ ਕੀਤੇ ਹਨ, ਉਥੇ ਲੋੜਵੰਦ ਅਤੇ ਗਰੀਬ ਵਰਗ ਲਈ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, 200 ਯੂਨਿਟ ਬਿਜਲੀ ਮੁਆਫ਼ੀ, ਆਟਾ ਦਾਲ ਸਕੀਮ ਵਰਗੀਆਂ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਸ਼ਹਿਰ/ਪਿੰਡ/ਕਸਬੇ ਅੰਦਰ 100 ਫੀਸਦੀ ਸਾਫ਼ ਪਾਣੀ, ਸੀਵਰੇਜ਼, ਲਾਈਟਾਂ, ਸੜਕਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦਾ ਸਰਬਪੱਖੀ ਵਿਕਾਸ ਹੀ ਅਕਾਲੀ ਦਲ ਦਾ ਮੁੱਖ ਸੁਪਨਾ ਹੈ ਅਤੇ ਪਿਛਲੇ ਸਾਲਾਂ ਦੌਰਾਨ ਅਕਾਲੀ ਦਲ ਦੀ ਸਰਕਾਰ ਨੇ ਵਿਕਾਸ ਪੱਖੋਂ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ੲਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਭਾਸ਼ ਓਹਰੀ, ਅਕਾਲੀ ਦਲ ਦੇ ਸਰਕਲ ਪ੍ਰਧਾਨ ਬਲਬੀਰ ਸਿੰਘ ਬਿੱਟੂ, ਕੌਂਸਲਰ ਭੁਪਿੰਦਰ ਸਿੰਘ ਲਾਡੀ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media