ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣਾ ਸਰਕਾਰ ਦਾ ਸਭ ਤੋਂ ਵੱਡਾ ਕੰਮ
ਅੰਮ੍ਰਿਤਸਰ, 15 ਅਗਸਤ (ਗੁਰਚਰਨ ਸਿੰਘ, ਸੁਖਬੀਰ ਸਿੰਘ) – ਭਾਰਤ ਦੀ ਅਜ਼ਾਦੀ ਦਾ 69ਵਾਂ ਦਿਹਾੜਾ ਅੱਜ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਏ. ਸੀ. ਪੀ ਟ੍ਰੈਫਿਕ ਡਾ. ਬੀ. ਕੇ ਸਿੰਗਲਾ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ, ਐਨ. ਐਸ. ਐਸ ਦੇ ਬੱਚਿਆਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਦ ਕਿ ਕਈ ਸਕੂਲਾਂ ਨੇ ਬੈਂਡ ਦੀਆਂ ਧੁਨਾਂ ਵਜਾ ਕੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ।
ਸ. ਮਜੀਠੀਆ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਭਗਤਾਂ ਅਤੇ ਸੂਰਬੀਰਾਂ ਨੇ ਬੜੇ ਮਹਿੰਗੇ ਮੁੱਲ ਅਜ਼ਾਦੀ ਲਈ ਹੈ ਅਤੇ ਸਾਡਾ ਇਹ ਫਰਜ਼ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜੀਏ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਦੇ ਮੁਬਾਰਕ ਦਿਨ ‘ਤੇ ਜਿਥੇ ਉਹ ਸਾਰੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਕੋਟਨ-ਕੋਟ ਪ੍ਰਣਾਮ ਕਰਦੇ ਹਨ ਉਥੇ ਦੇਸ਼ ਦੀ ਰਾਖੀ ਕਰਨ ਵਾਲੇ ਬਹਾਦਰ ਫ਼ੌਜੀ ਜਵਾਨਾਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਲੇ ਪੁਲਿਸ ਦੇ ਬਹਾਦਰ ਜਵਾਨਾਂ ਨੂੰ ਵੀ ਸਤਿਕਾਰ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਇਲਾਵਾ ਪੰਜਾਬੀਆਂ ਨੇ 1962, 1965, 1971 ਅਤੇ ਕਾਰਗਿਲ ਦੀ ਲੜਾਈ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਵਿਚ ਪੰਜਾਬ ਪੁਲਿਸ ਵੱਲੋਂ ਵਿਖਾਈ ਬਹਾਦਰੀ ਨੂੰ ਵੀ ਉਹ ਸਲਾਮ ਕਰਦੇ ਹਨ।ਉਨ੍ਹਾਂ ਕਿਹਾ ਕਿ ਇੰਨੀਆਂ ਦੁੱਖ-ਤਕਲੀਫ਼ਾਂ ਝੱਲਣ ਤੋਂ ਬਾਅਦ ਵੀ ਪੰਜਾਬੀ ਸਦਾ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਮੁਲਕ ਨੂੰ ਮਜ਼ਬੂਤ ਕਰਨ ਲਈ ਸੂਬਿਆਂ ਨੂੰ ਤਕੜਾ ਕਰਨਾ ਹੋਵੇਗਾ। ਸ. ਮਜੀਠੀਆ ਨੇ ਕਿਹਾ ਕਿ ਕੇਂਦਰ ਨੂੰ ਸਰਹੱਦਾਂ ਨਾਲ ਲਗਦੇ ਸੂਬਿਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਕ ਅਤੇ ਸੂਬੇ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਸ. ਮਜੀਠੀਆ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਗਤੀਸ਼ੀਲ ਅਗਵਾਈ ਵਿਚ ਪੰਜਾਬ ਸੂਬਾ ਅੱਜ ਬਿਜਲੀ, ਸੌਰ ਊਰਜਾ, ਬੁਨਿਆਦੀ ਢਾਂਚੇ, ਪ੍ਰਸ਼ਾਸਕੀ ਸੁਧਾਰਾਂ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਸਿੱਖਿਆ, ਸਿਹਤ ਆਦਿ ਖੇਤਰਾਂ ਵਿਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦਾ ਸਭ ਤੋਂ ਵੱਡਾ ਕੰਮ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣਾ ਹੈ। ਅੰਮ੍ਰਿਤਸਰ ਨੂੰ ਸ਼ਾਂਤੀ, ਸਦਭਾਵਨਾ ਅਤੇ ਦੇਸ਼ ਭਗਤੀ ਦਾ ਕੇਂਦਰ ਬਿੰਦੂ ਦੱਸਦਿਆਂ ਸ. ਮਜੀਠੀਆ ਨੇ ਕਿਹਾ ਕਿ ਇਥੋਂ ਹੀ ਕਈ ਲਹਿਰਾਂ ਅਤੇ ਮੋਰਚੇ ਚੱਲੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਵਾਧੂ ਬਿਜਲੀ ਵਾਲਾ ਸੂਬਾ ਬਣ ਚੁੱਕਾ ਹੈ। ਇਸ ਤੋਂ ਇਲਾਵਾ ਇਸ ਨੇ ਸੌਰ ਊਰਜਾ ਦੇ ਖੇਤਰ ਵਿਚ ਵੀ ਵੱਡੀਆਂ ਮੱਲ੍ਹਾਂ ਮਾਰਦਿਆਂ ਤਿੰਨ ਸਾਲਾਂ ਦੇ ਸਮੇਂ ਵਿਚ ਇਸ ਦੀ ਉਤਪਾਦਨ ਸਮਰੱਥਾ 9 ਮੈਗਾਵਾਟ ਤੋਂ 514 ਮੈਗਾਵਾਟ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੌਰ ਊਬਰਾ ਦੇ ਖੇਤਰ ਵਿਚ 4000 ਕਰੋੜ ਰੁਪਏ ਨਿਵੇਸ਼ ਕੀਤੇ ਗਏ ਹਨ ਅਤੇ ਕਿਸਾਨਾਂ ਲਈ 500 ਮੈਗਾਵਾਟ ਤੱਕ ਦੇ ਟੈਂਡਰ ਜਲਦੀ ਪਾਸ ਕੀਤੇ ਜਾ ਰਹੇ ਹਨ। ਮਾਲ ਮਹਿਕਮੇ ਵੱਲੋਂ ਕੀਤੇ ਗਏ ਸੁਧਾਰਾਂ ਦੀ ਗੱਲ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ 164 ਕੰਪਿਊਟਰਾਈਜ਼ਡ ਫਰਦ ਕੇਂਦਰਾਂ ਵੱਲੋਂ ਕੰਮ ਸ਼ੁਰੂ ਕੀਤੇ ਜਾਣ ਨਾਲ ਹੁਣ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਦੀਆਂ ਫ਼ਰਦਾਂ ਮਿੰਟਾਂ ਵਿਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ।ਇਸੇ ਤਰ੍ਹਾਂ ਇਕ ਵਿਲੱਖਣ ਈ-ਸਟੈਂਪਿੰਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕਾਂ ਦੀ ਖੱਜਲ-ਖੁਆਰੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਐਸ ਡੀ ਐਮ ਕੰਪਲੈਕਸਾਂ ਦੀ ਉਸਾਰੀ ਲਈ 250 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਮਾਲ ਮਹਿਕਮੇ ਵੱਲੋਂ 168 ਹੈਲਪ ਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਸਬੰਧੀ ਜਾਣਕਾਰੀ ਬਿਲਕੁਲ ਪਾਰਦਰਸ਼ੀ ਢੰਗ ਨਾਲ ਮਿਲਣੀ ਯਕੀਨੀ ਹੋ ਗਈ ਹੈ। ਪ੍ਰਸ਼ਾਸਕੀ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਹਲਫੀਆ ਬਿਆਨਾਂ ਦਾ ਸਿਲਸਿਲਾ ਬੰਦ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਕੋਨੇ-ਕੋਨੇ ਵਿਚ 2174 ਸੇਵਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ, ਜਿਥੇ ਸਾਰੀਆਂ ਨਾਗਰਿਕ ਸੇਵਾਵਾਂ ਇਕੋ ਛੱਤ ਹੇਠਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਮਾਜ ਦੇ ਗਰੀਬ ਤਬਕੇ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਸਸਤਾ ਆਟਾ-ਦਾਲ ਸਕੀਮ, ਸ਼ਗਨ ਸਕੀਮ, ਪੈਨਸ਼ਨ ਅਤੇ ਫ਼ਜੀਫਾ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਲੱਖਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਅੰਮ੍ਰਿਤਸਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜਾਂ ਦੀ ਲਾਗਤ ਨਾਲ ਇਥੇ ਜਿਥੇ ਸੜਕਾਂ ਅਤੇ ਪੁਲਾਂ ਦਾ ਵੱਡੀ ਪੱਧਰ ‘ਤੇ ਨਿਰਮਾਣ ਕੀਤਾ ਜਾ ਰਿਹਾ ਹੈ, ਉਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਜ਼ਾ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਭਗਵਾਨ ਵਾਲਮੀਕਿ ਜੀ ਸਥਲ ਦੇ ਵਿਕਾਸ ਅਤੇ ਸ੍ਰੀ ਦੁਰਗਿਆਨਾ ਮੰਦਿਰ ਦੇ ਸੁੰਦਰੀਕਰਨ ਦਾ ਕੰਮ ਚੱਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਭਗਤਾਂਵਾਲਾ ਡੰਪ ਦੀ ਕਾਇਆ ਕਲਪ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਨਵੀਨੀਕਰਨ ‘ਤੇ ਵੀ ਵੱਡੀ ਰਾਸ਼ੀ ਖਰਚ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ, ਆਈ ਆਈ ਐਮ ਅਤੇ ਬਾਗਬਾਨੀ ਖੋਜ ਕੇਂਦਰ ਅਤੇ ਹੋਰ ਪ੍ਰਾਜੈਕਟ ਦੇਣ ਲਈ ਉਨ੍ਹਾਂ ਪ੍ਰਧਾਨ ਮੰਤਰੀ, ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਕੇਂਦਰੀ ਮੰਤਰੀ ਸ੍ਰੀ ਵੈਂਕਈਆ ਨਾਇਡੂ ਦਾ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਨੇ ਮਾਈ ਭਾਗੋ ਵਿਦਿਆ ਸਕੀਮ ਦੀ ਸੁੁਰੂਆਤ ਕਰਦਿਆਂ 200 ਵਿਦਿਆਰਥਣਾਂ ਨੂੰ ਸਾਈਕਲ ਵੀ ਤਕਸੀਮ ਕੀਤੇ। ਰੈਡ ਕ੍ਰਾਸ ਵੱਲੋਂ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਉਨ੍ਹਾਂ 1965 ਤੇ 1971 ਦੀਆਂ ਲੜਾਈਆਂ ਅਤੇ ਜੰਮੂ-ਕਸ਼ਮੀਰ ਵਿੱਚ ਅੰਮ੍ਰਿਤਸਰ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਨੂੰ ਵੀ ਸਨਮਾਨਿਤ ਕੀਤਾ। ਇਸੇ ਤਰ੍ਹਾਂ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖਸੀਅਤਾਂ, ਪੜ੍ਹਾਈ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਹੋਇਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਇਸ ਮੌਕੇ ਦੇਸ਼ ਭਗਤੀ ਨਾਲ ਸਬੰਧਤ ਸ਼ਾਨਦਾਰ ਕੋਰੀਓਗ੍ਰਾਫੀਆਂ, ਗਿੱਧੇ ਤੇ ਭੰਗੜੇ ਰਾਹੀਂ ਸਭਨਾਂ ਦਾ ਮਨ ਮੋਹ ਲਿਆ ਜਿਸ ਤੋਂ ਖੁਸ਼ ਹੋ ਕੇ ਸ. ਮਜੀਠੀਆ ਨੇ ਸਕੂਲੀ ਬੱਚਿਆਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੇਣ ਐਲਾਨ ਕੀਤਾ। ਉਨ੍ਹਾਂ ਸੋਮਵਾਰ 17 ਅਗਸਤ ਨੂੰ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ, ਚੇਅਰਮੈਨ ਸ. ਉਪਕਾਰ ਸਿੰਘ ਸੰਧੂ, ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ, ਏ. ਡੀ. ਸੀ ਸ. ਤਜਿੰਦਰਪਾਲ ਸਿੰਘ ਸੰਧੂ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ, ਡਿਪਟੀ ਮੇਅਰ ਸ੍ਰੀ ਅਵਿਨਾਸ਼ ਜੌਲੀ, ਸਾਬਕਾ ਰਾਜ ਸਭਾ ਮੈਂਬਰ ਸ. ਰਾਜਮਹਿੰਦਰ ਸਿੰਘ ਮਜੀਠੀਆ, ਭਾਈ ਮਨਜੀਤ ਸਿੰਘ, ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਨਵਦੀਪ ਗੋਲਡੀ, ਸ੍ਰੀ ਕਿਰਨਪ੍ਰੀਤ ਸਿੰਘ, ਸ. ਸੁਰਿੰਦਰ ਸਿੰਘ ਸੁਲਤਾਨਵਿੰਡ ਤੋਂ ਇਲਾਵ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ, ਸzzੋਮਣੀ ਕਮੇਟੀ ਦੇ ਮੈਂਬਰ ਤੇ ਸਮੂਹ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media