
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚੋਂ ਹੀ ਕਾਂਗਰਸ ਦਾ ਸਫਾਇਆ ਹੋਣ ਜਾ ਰਿਹਾ ਹੈ। ਉਨ੍ਹਾਂ ਇੱਕ ਕੌਮੀ ਟੀਵੀ ਚੈਨਲ ਦੇ ਚੋਣ ਸਰਵੇਖਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਡੇ ਲਈ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਰਿੰਦਰ ਮੋਦੀ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ। ਹਲਕਾ ਮਜੀਠਾ ਦੇ ਪਿੰਡ ਨੰਗਲ ਪੰਨਵਾ ਅਤੇ ਜੇਠੂਨੰਗਲ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਅਕਾਲੀ ਭਾਜਪਾ ਉਮੀਦਵਾਰ ਅਰੁਣ ਜੇਤਲੀ ਨੂੰ ਇਤਿਹਾਸਕ ਜਿੱਤ ਦਿਵਾਉਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕੇਂਦਰ ‘ਚ ਐਨ ਡੀ ਏ ਸਰਕਾਰ ਆਉਣ ‘ਤੇ ਭ੍ਰਿਸ਼ਟਾਚਾਰ ਦਾ ਖਾਤਮਾ ਹੋਵੇਗਾ, ਮਹਿੰਗਾਈ ‘ਤੇ ਕਾਬੂ ਪਾਇਆ ਜਾਵੇਗਾ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣਗੇ। ਇਸੇ ਦੌਰਾਨ ਪਿੰਡ ਜੇਠੂਨੰਗਲ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਕਈ ਮੁਹਤਬਰ ਵਿਅਕਤੀਆਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਭਦਿਆਲ ਸਿੰਘ ਨੰਗਲ ਪੰਨਵਾ, ਜਸਕਰਨ ਸਿੰਘ ਨੰਗਲ ਪੰਨਵਾਂ, ਸਲਵੰਤ ਸੇਠ, ਲਖਵਿੰਦਰ ਗਿੱਲ, ਸੁਖਵੰਤ ਸਿੰਘ, ਤਰਸੇਮ ਸਿੰਘ, ਗੁਰਮੇਲ ਸਿੰਘ, ਸਤਵੰਤ ਸਿੰਘ, ਸੁਰਜੀਤ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ, ਭਗਵਾਨ ਸਿੰਘ ਨੰਬਰਦਾਰ ਅਤੇ ਕੰਵਲਜੀਤ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media