ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੇ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 106 ਹੋ ਗਈ ਹੈ। ਕਿਸੇ ਵੱਲੋਂ 21 ਜੁਲਾਈ ਨੂੰ ਇਸ ਨੰਨ੍ਹੇ ਲੜਕੇ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਹੈ ਅਤੇ ਇਸ ਵੇਲੇ ਬੱਚਾ ਬਿਲਕੁਲ ਤੰਦਰੁਸਤ ਹੈ। ਇਸ ਲਈ ਇਸ ਬੱਚੇ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ, ਲੁਧਿਆਣਾ ਵਿਖੇ ਭੇਜਿਆ ਜਾ ਰਿਹਾ ਹੈ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੇ ਦੀ ਲੋੜਵੰਦ ਪਰਿਵਾਰਾਂ ਨੂੰ ਅਡਾਪਸ਼ਨ ਕਰਵਾ ਦਿੱਤੇ ਜਾਵੇਗੀ।
ਅੱਜ ਇਸ ਬੱਚੇ ਨੂੰ ਡਾ. ਤਰੁਨਦੀਪ ਕੌਰ, ਆਈ. ਆਰ. ਐਸ, ਪਤਨੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 17 ਲੜਕੇ ਅਤੇ 89 ਲੜਕੀਆਂ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈਡ ਕਰਾਸ ਵੱਲੋਂ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਐਲ. ਏ. ਪੀ. ਏ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media