ਇੱਕ ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ

ਬਟਾਲਾ, 26 ਅਗਸਤ (ਨਰਿੰਦਰ ਬਰਨਾਲ) – ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 80,000 ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕ੍ਰਿਆ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ ਕਿਉਂਕਿ ਕੌਮੀ ਗਰੀਨ ਟ੍ਰਿਬਿਊਨਲ ਵਲੋਂ ਕੁਨੈਕਸ਼ਨ ਜਾਰੀ ਕਰ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਦੇਸ਼ ਦਾ ਵਾਧੂ ਬਿਜਲੀ ਵਾਲਾ ਸੂਬਾ ਬਣਨ ਪਿੱਛੋਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕ੍ਰਿਆ ਆਰੰਭੀ ਗਈ ਸੀ, ਪਰ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਸਾਰੀ ਪ੍ਰਕ੍ਰਿਆ ‘ਤੇ ਸਟੇਅ ਲਾਉਣ ਦੇ ਹੁਕਮ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਕੌਮੀ ਗਰੀਨ ਟ੍ਰਿਬਿਊਨਲ ਦੀ ਰੋਕ ਹਟਨ ਪਿੱਛੋਂ ਪੰਜਾਬ ਸਰਕਾਰ ਵੱਲੋਂ ਤੁਰੰਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਸਾਰੀ ਕਾਰਵਾਈ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ. ਕਾਹਲੋਂ ਨੇ ਕਿਹਾ ਕਿ ਇਸ ਤੋਂ ਇਲਾਵਾ ਪਾਵਰਕਾਮ ਨੂੰ ਲੋੜੀਂਦੇ ਟਰਾਂਸਫਾਰਮਰਾਂ, ਤਾਰਾਂ ਤੇ ਹੋਰ ਸਾਜੋ ਸਾਮਾਨ ਦਾ ਵੀ ਢੁੱਕਵਾਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਕੁਨੈਕਸ਼ਨ ਜਾਰੀ ਕਰਨ ਤੋਂ ਟਰਾਂਸਫਾਰਮਰ ਲਾਉਣ ਆਦਿ ਦਾ ਕੰਮ 6 ਮਹੀਨੇ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ 80,000 ਨਵੇਂ ਟਿਊਬਵੈਲ ਕੁਨੈਕਸ਼ਨ ਜਾਰੀ ਹੋਣ ਨਾਲ ਕਿਸਾਨੀ ਖੇਤਰ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਜੋ ਕਿਸਾਨ ਚਿਰਾਂ ਤੋਂ ਨਵੇਂ ਟਿਊਬਵੈੱਲ ਕੁਨੈਕਸ਼ਨ ਉਡੀਕ ਰਹੇ ਸਨ ਉਨ੍ਹਾਂ ਦੀ ਉਡੀਕ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਸੂਬੇ ‘ਚ ਅਨਾਜ ਦੀ ਪੈਦਾਵਾਰ ‘ਚ ਵੀ ਵਾਧਾ ਹੋਵੇਗਾ।
ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਅਗਲੇ ਇਕ ਸਾਲ ਅੰਦਰ ਇਕ ਲੱਖ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਾਰੇ ਵਿਭਾਗੀ ਮੁਖੀਆਂ, ਬੋਰਡਾਂ ਤੇ ਕਾਰਪੋਰੇਸ਼ਨਾਂ ਕੋਲੋਂ ਖਾਲੀ ਪੋਸਟਾਂ ਦੇ ਵੇਰਵੇ ਮੰਗ ਲਏ ਹਨ ਅਤੇ ਆਉਣ ਵਾਲੇ ਮਹੀਨਿਆਂ ‘ਚ ਵੱਖ-ਵੱਖ ਵਿਭਾਗਾਂ ਵਿਚ ਵੱਡੀ ਪੱਧਰ ‘ਤੇ ਭਰਤੀ ਪ੍ਰਕ੍ਰਿਆ ਸ਼ੁਰੂ ਹੋ ਜਾਵੇਗੀ।
Punjab Post Daily Online Newspaper & Print Media