ਹਿਰਦੇ ਮੈਨੇਜਮੈਂਟ ਸਬੰਧੀ ਦੇਖੀ ਪੇਸ਼ਕਾਰੀ

ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਭਾਰਤ ਸਰਕਾਰ ਵੱਲੋਂ ਅੱਜ ਸਮਾਰਟ ਸਿਟੀ ਬਣਾਉਣ ਲਈ ਕੀਤੀ 98 ਸ਼ਹਿਰਾਂ ਦੀ ਚੋਣ ਵਿੱਚ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਅੱਜ ਇਥੇ ਕੌਮੀ ਵਿਰਾਸਤੀ ਸ਼ਹਿਰ ਵਿਕਾਸ ਅਤੇ ਆਗਮੈਂਟੇਸ਼ਨ ਯੋਜਨਾ ਤਹਿਤ ਰੱਖੀ ਦੂਸਰੀ ਮੀਟਿੰਗ ਪਿੱਛੋਂ ਸ੍ਰੀ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਨੂੰ ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਿਲ ਕਰਨਾ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦਾ ਵਿਕਾਸਮੁਖੀ ਮੁਹਾਂਦਰਾ ਨਵੀਆਂ ਮੰਜ਼ਿਲਾਂ ਸਰ ਕਰ ਲਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਹੁਣ ਤੱਕ ਪੰਜਾਬ ਨੂੰ ਐਨ ਡੀ ਏ ਸਰਕਾਰ ਨੇ ਪੂਰੀ ਹਮਦਰਦੀ ਨਾਲ ਵਿਚਾਰਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਤਿੰਨ ਸ਼ਹਿਰਾਂ ਦੀ ਚੋਣ ਲਈ ਉਹ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸ਼ਹਿਰੀ ਵਿਕਾਸ ਤੇ ਮੰਤਰੀ ਸ੍ਰੀ ਵੈਂਕਈਆ ਨਾਇਡੂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਪਹਿਲਾ ਹੀ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਵਿੱਚ ਸ਼ਾਮਲ ਕਰ ਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਸੀ।ਸ੍ਰੀ ਜੋਸ਼ੀ ਨੇ ਦੱਸਿਆ ਕਿ ਹਿਰਦੇ ਪ੍ਰਾਜੈਕਟ ਤਹਿਤ ਉਨ੍ਹਾਂ ਸਲਾਹਕਾਰ ਤੇ ਨਿਗਰਾਨ ਕਮੇਟੀ ਦੇ ਮੈਂਬਰਾਂ ਅਤੇ ਕਨਵੀਨਰ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨਾਲ ਲੋੜੀਂਦਾ ਸਲਾਹ-ਮਸ਼ਵਰਾ ਕਰਨ ਪਿੱਛੋਂ ਇਸ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਤਹਿਤ ਜੰਗੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀਮਤੀ ਨਵਜੋਤ ਕੌਰ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media