Friday, July 3, 2026

 ਮਜੀਠੀਆ ਵੱਲੋਂ ਅੰਮ੍ਰਿਤਸਰ ਦੀ ਸਮਾਰਟ ਸਿਟੀ ਵਜੋਂ ਚੋਣ ‘ਤੇ ਕੇਂਦਰ ਦਾ ਧੰਨਵਾਦ

ਕਿਹਾ ਸੁਖਬੀਰ ਬਾਦਲ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ

Bikram Majithia

ਅੰਮ੍ਰਿਤਸਰ, 27 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨੀ ਗਈ 98 ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਨੇ ਅੰਮ੍ਰਿਤਸਰ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਇਸ ਦਾ ਰੁਤਬਾ ਬਰਕਰਾਰ ਰੱਖਿਆ ਹੈ।
ਅੱਜ ਇਥੋਂ ਜਾਰੀ ਇਕ ਬਿਆਨ ਵਿਚ ਸ. ਮਜੀਠੀਆ ਨੇ ਕਿਹਾ ਕਿ ਅੱਜ ਦੇ ਐਲਾਨ ਨਾਲ ਐਨ. ਡੀ. ਏ ਵੱਲੋਂ ਪੰਜਾਬ ਅਤੇ ਅੰਮ੍ਰਿਤਸਰ ਵਾਸੀਆਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਅੰਮ੍ਰਿਤਸਰ ਨੂੰ ਇੰਨਾ ਮਾਣ-ਸਤਿਕਾਰ ਨਹੀਂ ਮਿਲਿਆ ਅਤੇ ਐਨ. ਡੀ. ਏ ਸਰਕਾਰ ਨੇ ਹੀ ਇਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਦੀ ਸਹੀ ਪਛਾਣ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਐਲਾਨ ਪੰਜਾਬ ਵਾਸੀਆਂ ਲਈ ਇਕ ਹੋਰ ਤੋਹਫ਼ਾ ਹੈ ਕਿਉਂਕਿ ਕੇਂਦਰ ਵੱਲੋਂ ਪਹਿਲਾਂ ਹੀ ਅੰਮ੍ਰਿਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿੱਤਾ ਜਾ ਚੁੱਕਾ ਹੈ।
ਸ. ਮਜੀਠੀਆ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਨੂੰ ਦੇਸ਼ ਦੇ ਸਭ ਤੋਂ ਵੱਧ ਵਿਕਸਿਤ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਦੇ ਉਲੀਕੀ ਯੋਜਨਾ ਸਦਕਾ ਹੀ ਇਹ ਇਤਿਹਾਸਕ ਅਤੇ ਧਾਰਮਿਕ ਨਗਰੀ ਵਿਕਾਸ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਛੋਹ ਰਹੀ ਹੈ।
ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਦੀ ਦੇਸ਼ ਦੇ ਖ਼ੂਬਸੂਰਤ ਅਤੇ ਵਿਕਸਿਤ ਸ਼ਹਿਰਾਂ ਵਿਚ ਸ਼ਮੂਲੀਅਤ ਲਈ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਕੇਂਦਰ ਵੱਲੋਂ ਅੱਜ ਦੇ ਐਲਾਨ ਨਾਲ ਸ. ਬਾਦਲ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਇਕ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਸ. ਬਾਦਲ ਵੱਲੋਂ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦੀ ਨਿਰੰਤਰ ਅਤੇ ਨਿੱਜੀ ਸਮੀਖਿਆ ਤੋਂ ਸਾਫ ਹੁੰਦਾ ਹੈ ਕਿ ਉਹ ਅੰਮ੍ਰਿਤਸਰ ਨੂੰ ਦੁਨੀਆ ਦੇ ਖ਼ੂਬਸੂੁਰਤ ਅਤੇ ਵਿਕਸਿਤ ਸ਼ਹਿਰਾਂ ਦੇ ਨਕਸ਼ੇ ‘ਤੇ ਪਾਉਣਗੇ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply