Wednesday, March 11, 2026

ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ-ਮਜੀਠੀਆ

ਨਾਥ ਦੀ ਖੂਹੀ ਤੇ ਅਰਜਨਮਾਂਗਾ ਥੇਹ ਨੂੰ ਦਿੱਤੀ 35 ਲੱਖ ਦੀ ਗ੍ਰਾਂਟ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

u
u

ਮੱਤੇਵਾਲ, 3 ਸਤੰਬਰ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲ਼ਤ ਅਤੇ ਲੋਕ ਮਾਰੂ ਨੀਤੀਆਂ ਕਾਰਨ ਕਾਂਗਰਸ ਅੰਦਰ ਕੌਮੀ ਪੱਧਰ ‘ਤੇ ਵਖਰੇਵੇਂ ਅਤੇ ਵਿਸਫੋਟਕ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਾ ਕੇਵਲ ਪੰਜਾਬ ਪ੍ਰਧਾਨ ਸਗੋਂ ਸ੍ਰੀ ਰਾਹੁਲ ਗਾਂਧੀ ਦੀ ਲੀਡਰਸ਼ਿਪ ਪ੍ਰਤੀ ਵੀ ਚੈਲੰਜ ਖੜ੍ਹਾ ਹੋ ਰਿਹਾ ਹੈ।
ਸ. ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ ਅਤੇ ਅਰਜਨਮਾਂਗਾ ਥੇਹ ਵਿਖੇ ਵਿਕਾਸ ਕਾਰਜਾਂ ਲਈ ਕਰੀਬ 35 ਲੱਖ ਦੀ ਗ੍ਰਾਂਟ ਦੇਣ ਆਏ ਸਨ। ਇਸ ਮੌਕੇ ਉਨ੍ਹਾਂ ਦਰਜਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਦੀ ਛੁੱਟੀ ਹੋਣ ਸਬੰਧੀ ਪਹਿਲਾਂ ਹੀ ਦੱਸ ਚੁੱਕੇ ਹਨ ਅਤੇ ਇਹ ਇਕ ਸੱਚਾਈ ਹੈ ਕਿ ਕਾਂਗਰਸ ਪੰਜਾਬ ਵਿਚ ਕਿਸੇ ਨੂੰ ਵੀ ਪ੍ਰਧਾਨ ਥਾਪ ਦੇਵੇ, ਪਰ ਉਹ ਕਾਟੋ-ਕਲੇਸ਼ ਕਾਰਨ ਇਕ ਸਾਲ ਵੀ ਨਹੀਂ ਚੱਲ ਪਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂਆਂ ਦਾ ਸੂਬੇ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਅਤੇ ਸਵਾਰਥੀ ਹਿੱਤਾਂ ਕਾਰਨ ਕਾਂਗਰਸ ਦੀ ਅੰਦਰੂਨੀ ਫੁੱਟ ਇਸ ਕਦਰ ਪੈ ਚੁੱਕੀ ਹੈ ਕਿ ਉਹ ਇਕੱਠੇ ਚੱਲ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਦਾ ਸਾਥ ਦਿੰਦੇ ਹਨ ਜੋ ਵਿਕਾਸ ਅਤੇ ਖੁਸ਼ਹਾਲੀ ਲਈ ਕੰਮ ਕਰ ਕੇ ਵਿਖਾਉਣ ਅਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਹ ਸਾਬਤ ਕਰਕੇ ਵਿਖਾਇਆ ਹੈ।
ਉਨ੍ਹਾਂ ਵਿਸ਼ਵ ਬੈਂਕ ਵੱਲੋਂ ਦੇਸ਼ ਦੀ ਵੰਡ ਸਬੰਧੀ ਕੌਮਾਂਤਰੀ ਅਜਾਇਬ ਘਰ ਬਣਾਉਣ ਲਈ ਅੰਮ੍ਰਿਤਸਰ ਦੀ ਚੋਣ ਕਰਨ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਟੀਮ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ਹੁਣ ਟੀਮ ਵੱਲੋਂ ਅੰਮ੍ਰਿਤਸਰ ਦੀਆਂ ਇਤਿਹਾਸਕ ਤੇ ਵਿਰਾਸਤੀ ਥਾਵਾਂ ਦਾ ਦੌਰਾ ਅਤੇ ਮੁਆਇਨਾ ਕਰਨ ਉਪਰੰਤ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਕਈ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵਿਤ ਕੌਮਾਂਤਰੀ ਅਜਾਇਬ ਘਰ ਤੋਂ ਨੌਜਵਾਨ ਪੀੜ੍ਹੀ ਨੂੰ ਬਹੁਤ ਕੁਝ ਸਿੱਖਣ ਅਤੇ ਸਮਝਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪਿਆਰ ਅਤੇ ਭਾਈਚਾਰਕ ਸਾਂਝ ਦਾ ਰਿਸ਼ਤਾ ਹੀ ਅਸਲ ਵਿਚ ਤਰੱਕੀ ਅਤੇ ਖੁਸ਼ਹਾਲੀ ਦਾ ਰਸਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸ. ਸੁੱਚਾ ਸਿੰਘ ਛੋਟੇਪੁਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਉਹ ‘ਆਪ’ ਦੇ ਐਮ ਪੀ ਸ੍ਰੀ ਧਰਮਵੀਰ ਗਾਂਧੀ ਅਤੇ ਸ. ਹਰਿੰਦਰ ਸਿੰਘ ਖਾਲਸਾ ਨਾਲ ਆਰ-ਪਾਰ ਦੀ ਲੜਾਈ ਮੁਕਾ ਲਵੇ, ਫਿਰ ਹੀ ਉਹ ਦੂਜਿਆਂ ਬਾਰੇ ਸੋਚੇ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕਾ ਮਜੀਠਾ ਨੂੰ ਇਕ ਨਮੂਨੇ ਦਾ ਹਲਕਾ ਬਣਾਉਣਾ ਹੈ, ਜਿਸ ਲਈ ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 2017 ਤੱਕ ਡੇਰਿਆਂ ਨੂੰ ਜਾਂਦੇ ਸਾਰੇ ਰਸਤੇ ਪੱਕੇ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਸੁਖਵਿੰਦਰ ਸਿੰਘ ਗੋਲਡੀ, ਪ੍ਰੋ. ਸਰਚਾਂਦ ਸਿੰਘ, ਮਨਜੀਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਢਪੱਈਆਂ, ਬਲਵਿੰਦਰ ਸਿੰਘ ਬਲੋਵਾਲੀ, ਸਵਰਨ ਸਿੰਘ ਰਾਮਦੀਵਾਲੀ, ਪ੍ਰਭਦਿਆਲ ਸਿੰਘ ਨੰਗਲ ਪੰਨੂੰਆਂ, ਸਰਪੰਚ ਗੁਰਨਾਮ ਸਿੰਘ, ਸਰਪੰਚ ਸੁਰਿੰਦਰ ਸਿੰਘ ਅਰਜਨਮਾਂਗਾ, ਸਰਪੰਚ ਸਤਨਾਮ ਸਿੰਘ, ਕੰਵਰਦੀਪ ਸਿੰਘ ਮਾਨ, ਬਾਬਾ ਸੁਖਵੰਤ ਸਿੰਘ, ਮੇਜਰ ਸਿੰਘ ਚੰਨਣਕੇ, ਹਰਭਜਨ ਸਿੰਘ ਲੱਡੂ ਆਦਿ ਆਗੂ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply