
ਪਠਾਨਕੋਟ, 2 ਅਕਤੂਬਰ (ਪ.ਪ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣੀ (ਪਠਾਨਕੋਟ) ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 146ਵੇਂ ਜਨਮ ਦਿਵਸ ਦੇ ਮੌਕੇ ‘ਤੇ ਅਹਿੰਸਾ ਦਾ ਅੰਤਰ ਰਾਸ਼ਟਰੀ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਲਗਭਗ 300 ਬੱਚਿਆਂ ਨੇ ਹਿੱਸਾ ਲਿਆ। ਜਿੰਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਸ਼ਾਂਤੀ, ਉਦਾਰਤਾ, ਆਪਸੀ ਸਾਂਝ ਅਤੇ ਅਹਿੰਸਾ ਦੇ ਸੱਭਿਆਚਾਰ ਦੀ ਰਾਹ ‘ਤੇ ਚੱਲਦੇ ਹੋਏ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਉਸਾਰੂ ਸਮਾਜ ਦੀ ਸਿਰਜਨਾ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਹੋਰ ਵੀ ਮਹੱਤਤਵ ਪੂਰਨ ਹੈ ਕਿ ਅੱਜ ਦੇ ਦਿਨ ਦੋ ਅਹਿਮ ਸਖਸ਼ੀਅਤਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸ਼ਤਰੀ ਦਾ ਜਨਮ ਹੋਇਆ ਸੀ। ਜਿੰਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਖੁਸ਼ਹਾਲ ਤੇ ਮਜ਼ਬੂਤ ਬਣਾਉਣ ਲਈ ਸਹੀ ਸੇਧ ਦਿੱਤੀ ਸੀ। ਉਨ੍ਹਾਂ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਅੱਜ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਵਿੱਚ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲੈ ਕੇ ਬਹੁਤ ਖੁਬਸੂਰਤ ਪੇਂਟਿੰਗਜ਼ ਬਣਾਈਆਂ ਹਨ।
ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਦੱਸਿਆ ਕਿ ਇਸ ਦਿਵਸ ਨੂੰ ਸਮਰਪਿਤ ਬੀਤੇ ਕੱਲ੍ਹ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਇੰਨ੍ਹਾਂ ਭਾਸ਼ਣ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਸਕੂਲਾਂ ਦੇ ਮੁੱਖੀਆਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਵਿੱਚ ਪਹਿਲੇ 20 ਸਥਾਨਾਂ ‘ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਪਿਆਰ, ਅਹਿੰਸਾ, ਸ਼ਾਂਤੀ ਅਤੇ ਏਕਤਾ ਨਾਲ ਕੰਮ ਕਰਨ ਦੀ ਸਹੁੰ ਵੀ ਚੁਕਾਈ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰਾਜੇਸ਼ਵਰ ਸਲਾਰੀਆ ਜ਼ਿਲ੍ਹਾ ਸਾਇੰਸ ਸੁਪਰਵਾਇਜਰ, ਅਰੁਣ ਕੁਮਾਰ ਸਹਾਇਕ ਸਿੱਖਿਆ ਅਫ਼ਸਰ (ਖੇਡਾਂ), ਵੱਖ ਵੱਖ ਸਕੂਲਾਂ ਦੇ ਮੁੱਖੀ ਅਤੇ ਅਧਿਆਪਕ ਹਾਜ਼ਰ ਸਨ।
Punjab Post Daily Online Newspaper & Print Media