ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪਿੰਡ ਬਰਗਾੜੀ ਜ਼ਿਲ੍ਹਾ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੀ ਮੰਦਭਾਗੀ ਘਟਨਾ ਨਾਲ ਸਿੱਖ ਸੰਗਤਾਂ ਦੇ ਹਿਰਦੇ ਵੰਲੂਧਰੇ ਗਏ ਹਨ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਉਨਾਂ ਕਿਹਾ ਕਿ ਜੋ ਲੋਕ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਸਿੱਖਾਂ ਨਾਲ ਕਰ ਰਹੇ ਹਨ, ਸਿੱਖ ਕੌਮ ਇਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ੇਗੀ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਭਰ ਦੇ ਸਮੂੰਹ ਧਰਮਾਂ ਦੀ ਅਗਵਾਈ ਕਰਨ ਵਾਲਾ ਧਾਰਮਿਕ ਗ੍ਰੰਥ ਹੈ।ਇਸ ਵਿਚ ਹਰ ਮਨੁੱਖਤਾ ਦੀ ਭਲਾਈ ਅਤੇ ਸਾਂਝੀਵਾਲਤਾ ਦਾ ਸਿਧਾਂਤ ਦਰਸਾਇਆ ਗਿਆ ਹੈ।
ਉਨਾਂ ਕਿਹਾ ਕਿ ਕੁੱਝ ਸਮੇਂ ਤੋਂ ਇਸ ਤਰ੍ਹਾਂ ਦੀਆਂ ਹਰਕਤਾਂ ਵਧ ਰਹੀਆਂ ਹਨ, ਜਿਸ ਨਾਲ ਸਿੱਖਾਂ ਦੇ ਹਿਰਦੇ ਵੰਲੂਧਰੇ ਜਾ ਰਹੇ ਹਨ, ਲੇਕਿਨ ਪ੍ਰਸ਼ਾਸ਼ਨ ਇਸ ਸਬੰਧੀ ਕੋਈ ਜਿਆਦਾ ਦਿਲਚਸਪੀ ਨਹੀਂ ਵਿਖਾ ਰਿਹਾ।ਜਥੇਦਾਰ ਅਕਾਲ ਤਖਤ ਸਾਹਿਬ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਹੈ ਕਿ ਹੁਣ ਪ੍ਰਸ਼ਾਸ਼ਨ ਜਲਦ ਤੋਂ ਜਲਦ ਇਸ ਮੰਦਭਾਗੀ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਲੱਭ ਕੇ ਉਨ੍ਹਾਂ ਉਪਰ ਤੁਰੰਤ ਕਾਰਵਾਈ ਕਰੇ।ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਿੱਖ ਪੰਥ ਆਪ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media