ਅੰਮ੍ਰਿਤਸਰ, 2 ਨਵੰਬਰ (ਗੁਰਚਰਨ ਸਿੰਘ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗ ਅਧਾਰਿਤ ਸ਼ਬਦ ਗਾਇਨ ਮੁਕਾਬਲੇ ਦੀਵਾਨ ਹਾਲ ਗੁਰਦੁਆਰਾ ਮੰਜ਼ੀ ਸਾਹਿਬ ਵਿਖੇ ਕਰਵਾਏ ਗਏ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਦੀ ਸ਼ਬਦ ਗਾਇਨ ਟੀਮ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਜਿੱਥੇ ਸਕੂਲ ਦਾ ਮਾਣ ਵਧਾਇਆ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਣ ਸਨਮਾਨ ਵੀ ਵਧਾਇਆ। ਟੀਮ ਦੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਜੋੜਾਸਿੰਘਾ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਪ੍ਰਤਾਪ ਸਿੰਘ ਨੇ ਸ਼ੀਲਡ, ਸਨਮਾਨ ਪੱਤਰ ਅਤੇ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ. ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕ੍ਰਿਪਾ ਸਦਕਾ ਪਿਛਲੇ ਕਈ ਸਾਲਾਂ ਤੋਂ ਸਕੂਲ ਦੀ ਸ਼ਬਦ ਗਾਇਨ ਟੀਮ ਸ਼ਹਿਰ ਵਿੱਚ ਹੋਣ ਵਾਲੇ ਵੱਖ-ਵੱਖ ਸ਼ਬਦ ਗਾਇਨ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਦੀ ਆ ਰਹੀ ਹੈ। ਪਿਛਲੇ ਸਾਲ ਇਸ ਸਕੂਲ ਦੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ ਵਿੱਦਿਅਕ ਮੁਕਾਬਲਿਆਂ ਵਿੱਚੋਂ ਵੀ ਰਾਜ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਸਥਾ ਵਾਸਤੇ ਮਾਣ ਦੀ ਗੱਲ ਹੈ। ਇਸ ਪਿੱਛੇ ਜਿੱਥੇ ਅਕਾਲ ਪੁਰਖ ਦੀ ਬਖਸ਼ਿਸ਼ ਹੈ ਉਥੇ ਅਧਿਆਪਕਾਂ ਦੀ ਮੇਹਨਤ ਕੰਮ ਕਰਦੀ ਹੈ। ਇਸ ਸਮੇਂ ਉਹਨਾਂ ਨੇ ਅਕਾਲ ਪੁਰਖ ਸਤਿਗੁਰੂ ਦਾ ਸ਼ੁਕਰਾਨਾ ਕਰਦਿਆਂ ਟੀਮ ਤੇ ਅਧਿਆਪਕਾਂ ਨੂੰ ਵਧਾਈ ਦੇਂਦਿਆ ਹੋਰ ਮੇਹਨਤ ਕਰਨ ਲਈ ਪ੍ਰੇਰਣਾ ਦਿੱਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media