Friday, April 10, 2026

ਲੋਪੋਕੇ ਨੇ ਅਧਿਕਾਰੀਆਂ ਨੂੰ ਲੋਕ ਹਿੱਤ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਕੀਤੀ ਤਾਕੀਦ

PPN0611201511ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਬੱਜਟ ਅਤੇ ਫੰਡਾਂ ਦੀ ਵਰਤੋਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕ ਹਿੱਤ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਅਨੁਸੂਚਿਤ ਜਾਤੀਆਂ ਸਪੈਸ਼ਲ ਕੰਪੋਨੈਂਟ ਪਲਾਨ ਹੇਠ ਆਈ ਰਾਸ਼ੀ ਅਤੇ ਉਸ ਨੂੰ ਖ਼ਰਚ ਕਰਨ ਦੇ ਮਿੱਥੇ ਟੀਚੇ ਸਮੇਂ ਸਿਰ ਪੁਰ ਕਰਨ ਲਈ ਵੀ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਸ. ਲੋਪੋਕੇ ਨੇ ਵੱਖ-ਵੱਖ ਅਧਿਕਾਰੀਆਂ ਅਤੇ ਵਿਭਾਗਾਂ ਪਾਸੋਂ ਭਲਾਈ ਸਕੀਮਾਂ ਅਤੇ ਸਪੈਸ਼ਲ ਕੰਪੋਨੈਂਟ ਪਲਾਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਪੋਨੈਂਟ ਪਲਾਨ ਦੇ ਫੰਡ ਕਿਸੇ ਵੀ ਤਰ੍ਹਾਂ ਬਦਲੇ ਨਹੀਂ ਜਾ ਸਕਦੇ। ਉਨ੍ਹਾਂ ਭਲਾਈ ਵਿਭਾਗ, ਜੋ ਕਿ ਸਪੈਸ਼ਲ ਕੰਪੋਨੈਂਟ ਪਲਾਨ ਦੀ ਨਜ਼ਰਸਾਨੀ ਲਈ ਨੋਡਲ ਵਿਭਾਗ ਹੈ, ਨੂੰ ਕਿਹਾ ਕਿ ਉਹ ਇਸ ਸਬੰਧੀ ਸਮੇਂ-ਸਮੇਂ ਸਿਰ ਰਿਪੋਰਟ ਦੇਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ 40 ਫੀਸਦੀ ਤੋਂ ਵੱਧ ਐਸ ਸੀ ਵਸੋਂ ਹੈ, ਉਥੇ ਬੁਨਿਆਦੀ ਢਾਂਚੇ ਦੀ ਮੁਕੰਮਲ ਰਾਸ਼ੀ ਅਨੁਸੂਚਿਤ ਜਾਤੀ ਸਪੈਸ਼ਲ ਕੰਪੋਨੈਂਟ ਪਲਾਨ ਅਧੀਨ ਬੁੱਕ ਕਰਨੀ ਬਣਦੀ ਹੈ ਅਤੇ ਕੋਈ ਵੀ ਵਿਭਾਗ ਇਸ ਸਬੰਧੀ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੇ।
ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਗਲੀ ਤਿਮਾਹੀ ਮੀਟਿੰਗ ਵਿਚ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਦਾ ਪੂਰਾ ਲੇਖਾ-ਜੋਖਾ ਲੈ ਕੇ ਆਉਣ ਤਾਂ ਜੋ ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਜਾਇਜ਼ੇ ਨੂੰ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸਪੈਸ਼ਲ ਕੰਪੋਨੈਂਟ ਪਲਾਨ ਅਧੀਨ ਰਾਸ਼ੀ ਨਿਯਮਾਂ ਅਨੁਸਾਰ ਖ਼ਰਚ ਕਰਕੇ ਤੈਅ ਟੀਚੇ ਸਮੇਂ-ਸਿਰ ਪੂਰੇ ਕੀਤੇ ਜਾਣ ਅਤੇ ਸਰਕਾਰ ਵੱਲੋਂ ਆਮ ਜਨਤਾ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ ਪ੍ਰਤੀ ਹੇਠਲੇ ਪੱਧਰ ਤੱਕ ਜਾਗਰੂਕਤਾ ਦਾ ਪ੍ਰਸਾਰ ਕੀਤਾ ਜਾਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ, ਡਿਪਟੀ ਮੇਅਰ ਸ੍ਰੀ ਅਵਿਨਾਸ਼ ਜੌਲੀ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਖੋਜ ਅਫ਼ਸਰ ਸ. ਚਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply