
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ 13 ਨਵੰਬਰ 2015 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਅੱਜ 13 ਨਵੰਬਰ 2015 ਨੂੰ ਅੰਮ੍ਰਿਤ ਵੇਲੇ 2 ਤੋਂ 5 ਵਜੇ ਤੀਕ ਸੰਗਤਾਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਗੀਆਂ। ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਸਵੇਰੇ 9:30 ਵਜੇ ਤੀਕ ਸ਼ਹੀਦੀ ਪ੍ਰਸੰਗ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਕਰਨਗੇ।ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜੇਗਾ, ਜਿਸ ਵਿੱਚ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥੇ ਅਤੇ ਪ੍ਰਚਾਰਕ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਪ੍ਰਸੰਗ/ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਦੁਪਹਿਰ 12 ਤੋਂ 2 ਵਜੇ ਤੀਕ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਪੰਥ-ਪ੍ਰਸਿੱਧ ਕਵੀ ਆਪਣੀਆਂ ਕਵਿਤਾਵਾਂ ਰਾਹੀਂ ਬਾਬਾ ਜੀ ਦੇ ਜੀਵਨ ‘ਤੇ ਰੌਸ਼ਨੀ ਪਾਉਣਗੇ।
ਸ਼ਾਮ 4 ਵਜੇ ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ ਹੋਵੇਗਾ ਜਿਸ ਵਿੱਚ ਭਾਈ ਗੁਰਦੇਵ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਅਵਤਾਰ ਸਿੰਘ ਬੋਦਲਾਂ ਵਾਲੇ, ਭਾਈ ਗੁਰਇਕਬਾਲ ਸਿੰਘ, ਡਾ. ਅਲੰਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਈ ਦਵਿੰਦਰ ਸਿੰਘ ਤੇ ਭਾਈ ਗੁਲਬਾਗ ਸਿੰਘ ਜਲੰਧਰ, ਬੀਬੀ ਬਲਜੀਤ ਕੌਰ ਖਾਲਸਾ ਤਲਵਾੜੇ ਵਾਲੇ, ਪ੍ਰੋ.ਪੁਸ਼ਪਿੰਦਰ ਕੌਰ ਬੇਬੇ ਨਾਨਕੀ ਸੰਗੀਤ ਅਕੈਡਮੀ, ਬੀਬਾ ਪਰਨੀਤ ਕੌਰ ਕਾਦੀਆਂ, ਭਾਈ ਪ੍ਰਮਿੰਦਰ ਸਿੰਘ ਪਾਰਸ ਢਾਡੀ ਜਥਾ ਅਤੇ ਭਾਈ ਅਵਤਾਰ ਸਿੰਘ ਤਾਰੀ ਕਵੀ ਧੁਰ ਕੀ ਬਾਣੀ ਦੇ ਕੀਰਤਨ, ਬੀਰ-ਰਸੀ ਵਾਰਾਂ ਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸਮੁੂਹ ਸੰਗਤਾਂ ਨੂੰ ਅਪੀਲ ਹੈ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਗੁਰੂ ਘਰ ਵਿੱਚ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।
Punjab Post Daily Online Newspaper & Print Media