
ਪਠਾਨਕੋਟ, 17 ਨਵੰਬਰ (ਪ.ਪ)- ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਕਣਕ ਦੇ ਬੀਜ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਪ੍ਰਾਪਤ ਹੋਈਆਂ 1578 ਅਰਜ਼ੀਆਂ ਅਨੁਸਾਰ 16 ਲੱਖ ਰੁਪਏ ਦੀ ਸੀਡ ਸਬਸਿਡੀ ਲਿਸਟ ਬੈਂਕ ਵਿੱਚ ਜਮਾਂ ਕਰਵਾ ਦਿੱਤੀ ਗਈ ਹੈ ਅਤੇ ਜਲਦੀ ਹੀ ਇਹ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈ ਜਾਵੇਗੀ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਗੁਰਮੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਵਿਸ਼ੇਸ਼ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ, ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ., ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ‘ਤੇ ਇੱਕ ਹਜਾਰ ਰੁਪਏ ਪ੍ਰਤੀ ਕੁਵਿੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਮਿਟ ਲੈ ਕੇ ਬੀਜ ਦੀ ਖਰੀਦ ਕਰ ਲਈ ਹੈ ਉਹ ਜਲਦੀ ਤੋਂ ਜਲਦੀ ਖਰੀਦ ਕੀਤੇ ਗਏ ਬੀਜ ਦੇ ਬਿੱਲ ਸਬੰਧਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਵਿਖੇ ਜਮਾਂ ਕਰਵਾਉਣ ਤਾਂ ਜੋ ਸਮੇਂ ਸਿਰ ਉਨ੍ਹਾਂ ਦੀ ਸਬਸਿਡੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੱਛੀ ਪਾਲਣ ਦੇ ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਯੋਗ ਉਪਰਾਲੇ ਕਰਨ। ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫਸਲ ਦੀ ਚੰਗੀ ਪੈਦਾਵਾਰ ਲਈ ਵਿਭਾਗ ਵਲੋਂ 2678 ਮਿੱਟੀ ਦੇ ਸੈਂਪਲਾਂ ਦਾ ਪ੍ਰੀਖਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਜਿਲ੍ਹਾ ਪੱਧਰੀ, ਚਾਰ ਬਲਾਕ ਪੱਧਰੀ ਅਤੇ 63 ਪਿੰਡ ਪੱਧਰੀ ਸਿਖਲਾਈ ਕੈਂਪ ਲਗਾ ਕੇ 3183 ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ।
ਸ਼੍ਰੀ ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਨੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਬਾਗਬਾਨੀ ਵਿਭਾਗ ਵਲੋਂ ਜਿਲ੍ਹੇ ਅੰਦਰ 150 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਵਿੱਚੋਂ ਹੁਣ ਤੱਕ 77.4 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਏ ਜਾ ਚੁੱਕੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਭਾਗ ਕੋਲ 2000 ਆੜੂ, 6000 ਬੇਰ, 2500 ਨਾਸਪਤੀ ਅਤੇ 1000 ਕੱਲਕੱਤੀ ਲੀਚੀ ਦੀ ਕਿਸਮ ਦੇ ਪੌਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਪੌਦੇ ਬਾਗਬਾਨੀ ਵਿਭਾਗ ਨਾਲ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ। ਇਸ ਉਪਰੰਤ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਪੈਡਿੰਗ ਪਏ ਵਰਤੋਂ ਸਰਟੀਫਿਕੇਟਾਂ ਸਬੰਧੀ ਮੀਟਿੰਗਾਂ ਕਰਕੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ।
Punjab Post Daily Online Newspaper & Print Media