ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਉਚੇਰੀ ਸਿੱਖਿਆ ਪ੍ਰਦਾਨ ਕਰਕੇ ਸੂਬਾ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਯਤਨ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਕਮਿਸ਼ਨ ਕਰਨਵੀਰ ਸਿੰਘ ਇੰਦੌਰਾ ਨੇ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ (ਤਲਵੰਡੀ ਸਾਬੋ) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਕਮਿਸ਼ਨ ਇੰਦੌਰਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਅੱਜ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਅਕਾਲ ਯੂਨੀਵਰਸਿਟੀ ਵਿਖੇ ਦੌਰੇ ‘ਤੇ ਆਏ ਸਨ।ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਉਪਲੱਬਧ ਕਰਵਾਉਣ ਦੇ ਇਸ ਉਪਰਾਲੇ ਨਾਲ ਕਈ ਵਿਦਿਆਰਥੀ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਅੱਜ ਚੰਗੀਆਂ ਨੌਕਰੀਆਂ ਕਰ ਰਹੇ ਹਨ ਅਤੇ ਆਪਣੇ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਤੋਂ ਸ਼ੁਰੂ ਕਰਦੇ ਹੋਏ ਉਹ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਦਾ ਵੀ ਜਲਦ ਹੀ ਦੌਰਾ ਕਰਨਗੇ। ਆਪਣੇ ਅੱਜ ਦੇ ਇਸ ਦੌਰੇ ਦੌਰਾਨ ਇੰਦੌਰਾ ਨੇ ਵੱਖ-ਵੱਖ ਵਿਦਿਅਕ ਸ਼੍ਰੇਣੀਆਂ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਕਿਸੇ ਵੀ ਕਿਸਮ ਦੀਆਂ ਦਰਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਆਪਣੇ ਅਦਾਰਿਆਂ ਦੇ ਮੁਖੀ ਨੂੰ ਜ਼ਰੂਰ ਦੱਸਣ।ਇਸ ਸਮੇਂ ਉਨ੍ਹਾਂ ਦੇ ਨਾਲ ਐਸ.ਡੀ.ਐਮ. ਤਲਵੰਡੀ ਸਾਬੋ ਵਿਨੀਤ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਸਰਦੂਲ ਸਿੰਘ, ਗੁਰੂ ਕਾਸ਼ੀ ਯੂਨੀਵਰਸਿਟੀ ਦੀ ਮੈਨੇਜਮੈਂਟ ਅਤੇ ਸਟਾਫ਼ ਦੇ ਮੈਂਬਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media