ਭਿੱਟੇਵੱਡ (ਅੰਮ੍ਰਿਤਸਰ), 8 ਜਨਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿਆਸੀ ਦਲਾਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਜਿਹੇ ਸੰਗੀਨ ਮਸਲਿਆਂ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਸਿਆਸਤ ਦੇ ਲਈ ਹੋਰ ਵੀ ਕਈ ਮੁੱਦੇ ਹਨ ਤੇ ਕੌਮੀ ਸੁਰੱਖਿਆ ਨਾਲ ਜੁੜੇ ਅਜਿਹੇ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ। ਅੱਜ ਇਥੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਜੁੜੇ ਇਸ ਗੰਭੀਰ ਮੁੱਦੇ ‘ਤੇ ਸਿਆਸੀ ਦਲਾਂ ਦੇ ਆਗੂ ਬੇਲੋੜੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਬਹਿਸ ਕਰਨ ਲਈ ਰਾਜਨੀਤਿਕ ਆਗੂਆਂ ਕੋਲ ਹੋਰ ਕਾਫੀ ਮੁੱਦੇ ਹੁੰਦੇ ਹਨ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੇ ਬਹਾਦਰ ਜਵਾਨ ਕੌਮੀ ਸੁਰੱਖਿਆ ਲਈ ਆਪਣੀ ਜਾਨ ਦੇ ਰਹੇ ਹਨ, ਉਥੇ ਦੂਜੇ ਪਾਸੇ ਸਿਆਸੀ ਆਗੂ ਇਸ ਮੁੱਦੇ ‘ਤੇ ਸਿਆਸਤ ਕਰਕੇ ਸਾਨੂੰ ਸਾਰਿਆਂ ਨੂੰ ਸ਼ਰਮਸਾਰ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪਠਾਨਕੋਟ ਦੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਦੇਸ਼ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਜਿਹੇ ਪਰਿਵਾਰਾਂ ਦੀ ਮਦਦ ਲਈ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਇਸ ਮਹਾਨ ਸ਼ਹਾਦਤ ਨੂੰ ਇਕ ਨਿਗੁਣੀ ਜਿਹੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸੂਬਾ ਸਰਕਾਰ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਉਪਰਾਲਾ ਕਰੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਲਗਦੀਆਂ ਸਰਹੱਦਾਂ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੇ ਹਮਲਿਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਹਰ ਹੀਲੇ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਰਾਜਾਸਾਂਸੀ, ਲਦੇਹ, ਜਗਦੇਵ ਕਲਾਂ, ਹਰਸ਼ਾ ਛੀਨਾ, ਭਿੱਟੇਵੱਡ ਵਿਖੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਤਾਕਤਾਂ ਸੂਬੇ ਦੇ ਅਮਨ ਅਤੇ ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ‘ਤੇ ਤੁਲੀਆਂ ਹੋਈਆਂ ਹਨ ਪਰ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਜਿਹੀਆਂ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਮਾੜੇ ਅਨਸਰਾਂ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਅਜਿਹੀਆਂ ਤਾਕਤਾਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਮਾਣਮੱਤੇ ਇਤਿਹਾਸ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦਾ ਇਕ-ਇਕ ਕਾਰਕੁੰਨ ਸੂਬੇ ਦੇ ਲੋਕਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਸਿਪਾਹੀ ਸੂਬੇ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਲਈ ਸੰਘਰਸ਼ ਕਰਦਿਆਂ ਉਨ੍ਹਾਂ ਕਈ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਉਲਟ ਸੂਬੇ ਦੀਆਂ ਹੋਰ ਸਿਆਸੀ ਪਾਰਟੀਆਂ ਨੇ ਹਮੇਸ਼ਾ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਅਤੇ ਪੰਜਾਬੀਆਂ ਦਾ ਘਾਣ ਕੀਤਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਆਟਾ-ਦਾਲ ਅਤੇ ਸ਼ਗਨ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਸਾਲ 5000 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ।
ਲੋਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਾਰੇ ਜਾਣੂ ਕਰਵਾਉਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਨਾਂਦੇੜ ਸਾਹਿਬ, ਵਾਰਾਣਸੀ, ਮਾਤਾ ਵੈਸ਼ਨੋ ਦੇਵੀ ਅਤੇ ਅਜਮੇਰ ਸ਼ਰੀਫ਼ ਜਾਣ ਵਾਲੇ ਯਾਤਰੀਆਂ ਨੂੰ ਮੁਫ਼ਤ ਯਾਤਰਾ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ ਜੋ ਰੇਲਾਂ ਅਤੇ ਬੱਸਾਂ ਰਾਹੀਂ ਅਜਿਹੀਆਂ ਯਾਤਰਾਵਾਂ ਕਰਵਾ ਕੇ ਲੋਕਾਂ ਨੂੰ ਇਨ੍ਹਾਂ ਮਹਾਨ ਤੀਰਥਾਂ ਦੇ ਦਰਸ਼ਨ ਕਰਵਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੀਰ ਸਿੰਘ ਲੋਪੋਕੇ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਯੂਥ ਅਕਾਲੀ ਆਗੂ ਰਣਵੀਰ ਸਿੰਘ ਲੋਪੋਕੇ, ਐਸ ਓ ਆਈ ਦੇ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ ਐਸ ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਵੀ ਭਗਤ, ਐਸ ਐਸ ਪੀ ਜਸਦੀਪ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media