ਪਠਾਨਕੋਟ, 8 ਜਨਵਰੀ (ਪ.ਪ)- ਜ਼ਿਲ੍ਹਾ ਪਠਾਨਕੋਟ ਅੰਦਰ ਮਿੱਟੀ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਸਹੀ ਵਰਤੋਂ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ 3679 ਸਾਇਲ ਹੈਲਥ ਕਾਰਡ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਦੇ ਨਾਲ ਹੀ ਕਿਸਾਨਾਂ ਨੂੰ ਜੈਵਿਕ ਖੇਤੀ ਵੱਲ ਤੋਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਦੇਸੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੀ ਖਾਦ ਜਿਸ ਵਿੱਚ ਫਲੀਦਾਰ ਫਸਲਾਂ ਜਿਵੇ ਜੰਤਰ, ਮੂੰਗੀ, ਗੁਆਰਾ ਆਦਿ ਨੂੰ ਬਤੌਰ ਹਰੀ ਖਾਦ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭੌਂ ਦੀ ਬਨਤਰ ਅਤੇ ਉਪਜਾਉ ਸ਼ਕਤੀ ਵਿੱਚ ਵਾਧਾ ਕਰਨ ਲਈ ਦਾਲਾਂ ਦੀ ਕਾਸ਼ਤ ਕਰਨ ਲਈ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਾ. ਸਵਰੂਪ ਕੁਮਾਰ ਨੇ ਦੱਸਿਆ ਕਿ ਫਸਲੀ ਭਿੰਵਿਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਾਲ 2015-16 ਦੌਰਾਨ 23 ਮੀਟਰਿਕ ਟਨ ਮੱਕੀ ਦਾ ਬੀਜ ਸਬਸਿਡੀ ‘ਤੇ ਜਿੰਮੀਦਾਰਾਂ ਨੂੰ ਵੰਡਿਆ ਗਿਆ। ਜਿਸ ‘ਤੇ 14.91 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ ਅਤੇ 2000 ਲਿਟਰ ਕੀੜੇਮਾਰ ਦਵਾਈ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅਧੁਨਿਕ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕਿਸਾਨਾਂ ਨੂੰ 70 ਰੋਟਾਵੇਟਰ, 8 ਜੀਰੋਟਿਲ ਡਰਿੱਲ, ਤਿੰਨ ਝੋਨੇ ਦੀ ਸਿੱਧੀ ਬਿਜਾਈ ਲਈ ਡਰਿਲ, 6 ਲੇਜਰ ਲੈਵਲਰ, 190 ਸਪਰੇਅ ਪੰਪ ਸਬਸਿਡੀ ‘ਤੇ ਦਿੱਤੇ ਗਏ ਅਤੇ ਇੰਨ੍ਹਾਂ ਯੰਤਰਾਂ ‘ਤੇ 30 ਲੱਖ ਰੁਪਏ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਕੁਆਲਟੀ ਦੀਆਂ ਖਾਦਾਂ, ਬੀਜ ਅਤੇ ਕੀੜੇਮਾਰ ਦਵਾਈਆਂ ਉਪਲਬੱਧ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਡੀਲਰਾਂ ਦੇ ਖਾਦਾਂ ਦੇ 56, ਕੀੜੇਮਾਰ ਦਵਾਈਆਂ ਦੇ 31 ਅਤੇ ਬੀਜਾਂ ਦੇ 101 ਸੈਂਪਲ ਭਰੇ ਗਏ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ 34.40 ਲੱਖ ਰੁਪਏ ਕਣਕ ਦੇ ਬੀਜ ਦੀ ਸਬਸਿਡੀ ਦਿੱਤੀ ਗਈ, ਜੋ ਕਿ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਪਣਾ ਕਣਕ ਦਾ ਬੀਜ ਤਿਆਰ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਅੰਦਰ 20 ਪਿੰਡਾਂ ਵਿੱਚ 2000 ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਤਸਦੀਕ ਸ਼ੂਦਾ ਬੀਜ ਉਪਲਬੱਧ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਜਿੰਮੀਦਾਰਾਂ ਤੱਕ ਖੇਤੀਬਾੜੀ ਦੀਆਂ ਨਵੀਆਂ ਖੋਜਾਂ ਦੀ ਜਾਣਕਾਰੀ ਦੇਣ ਸਬੰਧੀ ਦੋ ਜ਼ਿਲ੍ਹਾ ਪੱਧਰ ਦੇ, ਅੱਠ ਬਲਾਕ ਪੱਧਰ ਦੇ ਅਤੇ 93 ਪਿੰਡ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਜਿੰਨ੍ਹਾਂ ਵਿੱਚ 5600 ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media