ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ 25 ਜਨਵਰੀ, 2016 ਨੂੰ ਮਨਾਏ ਜਾ ਰਹੇ ਛੇਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬੀ. ਬੀ. ਕੇ. ਡੀ. ਏ. ਵੀ ਕਾਲਜ ਫਾਰ ਵੂਮੈਨ, ਲਾਰੈਂਸ ਰੋਡ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਧਰ ਅਤੇ ਬੂਥ ਪੱਧਰ ‘ਤੇ ਵੀ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਖਾਸਕਰ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਮੁੱਚੇ ਭਾਰਤ ਅੰਦਰ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਹੀ ਉਕਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜਿਥੇ ਨਵੇਂ ਰਜਿਸਟਰਡ ਹੋਏ 18 ਤੋਂ 19 ਸਾਲ ਦੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੰਡੇ ਜਾਣਗੇ ਉਥੇ ਜ਼ਿਲ੍ਹਾ ਪੱਧਰ ‘ਤੇ ਕਰਵਾਏ ਗਏ ਭਾਸ਼ਣ, ਸਲੋਗਨ, ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੋਣ ਹਲਕੇ ਵਿਚ ਨਿਯੁਕਤ ਇਕ ਸਰਬੋਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਕਾਲਜਾਂ ਵਿਚ ਨਿਯੁਕਤ ਇਕ ਸਰਬੋਤਮ ਨੋਡਲ ਅਫ਼ਸਰ ਅਤੇ ਇਕ ਸਰਬੋਤਮ ਬੀ. ਐਲ. ਓ, ਜਿਨ੍ਹਾਂ ਵੱਲੋਂ ਸੁਧਾਈ 2016 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਈ ਗਈ ਹੈ, ਨੂੰ ਨਕਦ ਇਨਾਮਾਂ ਰਾਹੀਂ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਇਸ ਮੌਕੇ ਹਾਜ਼ਰ ਸਮੂਹ ਵੋਟਰਾਂ ਬੈਜ ਲਗਾਏ ਜਾਣਗੇ ਅਤੇ ਵੋਟਰ ਪ੍ਰਣ ਦਿਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਵੀਪ ਆਈਕੋਨ ਗਾਇਕ ਹਰਿੰਦਰ ਸੋਹਲ ਵੱਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਗੀਤ ਵੀ ਪੇਸ਼ ਕੀਤਾ ਜਾਵੇਗਾ।
ਸ੍ਰੀ ਭਗਤ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੈਂਦੇ ਉਪ-ਮੰਡਲ ਹੈੱਡ ਕੁਆਰਟਰ ਅਤੇ ਵੱਖ-ਵੱਖ ਸਥਾਨਾਂ ‘ਤੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੀ ਛੇਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਜ਼ਿਲ੍ਹੇ ਵਿਚ ਪੈਂਦੇ 1920 ਪੋਲਿੰਗ ਸਟੇਸ਼ਨਾਂ ‘ਤੇ ਸਬੰਧਤ ਬੀ. ਐਲ. ਓਜ਼ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ ਅਤੇ ਨਵੇਂ ਰਜਿਸਟਰਡ ਵੋਟਰਾਂ ਨੂੰ ਸ਼ਨਾਖਤੀ ਕਾਰਡ ਵੰਡੇ ਜਾਣ ਦੇ ਨਾਲ-ਨਾਲ ਵੋਟ ਪਾਉਣ ਸਬੰਧੀ ਪ੍ਰਣ ਕੀਤਾ ਜਾਵੇਗਾ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media