Wednesday, September 9, 2026

ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ 26 ਜਨਵਰੀ ਨੂੰ – ਬੇਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 25 ਜਨਵਰੀ ਨੂੰ ਆਯੋਜਿਤ ਹੋਵੇਗਾ

ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰ ਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ 25 ਜਨਵਰੀ ਦਿਨ ਸੋਮਵਾਰ ਨੂੰ ਦੁਪਹਿਰ 12.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ, ਜੋ ਸਰਾਂ-ਸ੍ਰੀ ਗੁਰੂ ਰਾਮਦਾਸ, ਜਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 24 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 26 ਜਨਵਰੀ ਨੂੰ ਸਵੇਰੇ 8.30 ਵਜੇ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਸਿੰਘ ਸਾਹਿਬ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।ਇਸੇ ਦਿਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ 9.00 ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਅੰਮ੍ਰਿਤ ਅਭਿਲਾਖੀ ਅੰਮ੍ਰਿਤਪਾਨ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਆਉਣ।ਸਵੇਰੇ 10.00 ਤੋਂ ਸ਼ਾਮ 4 ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ।ਸ. ਬੇਦੀ ਨੇ ਕਿਹਾ ਕਿ ਧਾਰਮਿਕ ਸਮਾਗਮ ਵਿੱਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਅਮਰਜੀਤ ਸਿੰਘ ਤਾਨ ਪਟਿਆਲਾ, ਭਾਈ ਅਨੂਪ ਸਿੰਘ ਊਨਾ ਵਾਲੇ, ਭਾਈ ਕੁਲਦੀਪ ਸਿੰਘ ਦੇਹਰਾਦੂਨ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਗੁਰਪ੍ਰੀਤ ਸਿੰਘ, ਪ੍ਰੋ. ਪੁਸ਼ਪਿੰਦਰ ਕੌਰ ਬੇਬੇ ਨਾਨਕੀ ਗੁਰਮਤਿ ਸੰਗੀਤ ਐਕਡਮੀ, ਬੀਬਾ ਪਰਨੀਤ ਕੌਰ ਕਾਦੀਆਂ ਤੇ ਕਵੀ ਭਾਈ ਚਮਨਜੀਤ ਸਿੰਘ ਚਮਨ ਹਰਿਗੋਬਿੰਦਪੁਰੀ ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰੂ-ਘਰ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply