ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੱਤਵਾਦ ਖਿਲਾਫ ਵੱਡੀ ਮੁਹਿੰਮ ਵਿੱਢੀ
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੋਵੇਗਾ ਜਿੱਥੇ 100 ਫੀਸਦੀ ਸੀਵਰੇਜ ਅਤੇ ਪੀਣ ਅਤੇ ਸਾਫ ਪਾਣੀ ਦੀ ਸਪਲਾਈ ਹੋਵੇਗੀ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਅਗਲੇ ਦੋ ਸਾਲਾਂ ਵਿਚ ਸੂਬਾ ਸਰਕਾਰ ਵੱਲੋਂ 4000 ਕਰੋੜ ਰੁਪਏ ਖਰਚੇ ਜਾਣਗੇ। ਸਥਾਨਕ ਮਲਟੀਪਰਪਜ਼ ਸਟੇਡੀਅਮ ਵਿਖੇ 67ਵੇਂ ਗਣਤੰਤਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਪੰਜਾਬ ਵਿੱਚ ਅਣਕਿਆਸਿਆ ਵਿਕਾਸ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਤਰਜੀਹ ਆਰਥਿਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਦਿੱਤੀ ਜਾਵੇਗੀ ਤਾਂ ਜੋ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਣਥੱਕ ਮਿਹਨਤਾਂ ਸਦਕਾ ਪੰਜਾਬ ਹੁਣ ਵਾਧੂ ਬਿਜਲੀ ਵਾਲਾ ਸੂਬਾ ਬਣ ਚੁੱਕਿਆ ਹੈ ਅਤੇ 20000 ਕਰੋੜ ਰੁਪਏ ਦੀ ਲਾਗਤ ਨਾਲ ਹੁਣ ਅਗਲੇ ਡੇਢ ਸਾਲ ਵਿਚ ਪੰਜਾਬ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ 4 ਅਤੇ 6 ਮਾਰਗੀ ਸੜਕਾਂ ਨਾਲ ਜੋੜਿਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਇਲਾਕਿਆਂ ਦੇ ਚਹੁੰਮੁਖੀ ਵਿਕਾਸ ਲਈ ਅਗਲੇ ਦੋ ਸਾਲਾਂ ਵਿਚ 6000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਖੇਡਾਂ ਦੇ ਢਾਂਚੇ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਲੰਪਿਕ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁਹਾਲੀ ਵਿਖੇ ਅਤਿ-ਆਧੁਨਿਕ ਪੰਜਾਬ ਇੰਸਟੀਟਿਉਟ ਆਫ ਸਪੋਰਟਸ ਸੰਸਥਾ ਸਥਾਪਿਤ ਕੀਤੀ ਗਈ ਹੈ ਜਿਥੇ ਵੱਖੋ-ਵੱਖਰੀਆਂ ਖੇਡਾਂ ਲਈ 11 ਖੇਡ ਡਾਇਰੈਕਟੋਰੇਟ ਬਣਾਏ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਕਬੱਡੀ ਨੂੰ ਵਿਸ਼ਵ ਪੱਧਰ ‘ਤੇ ਲੈ ਜਾਣ ਲਈ ਕੌਮਾਂਤਰੀ ਪੱਧਰ ਦੇ ਪੰਜ ਵਿਸ਼ਵ ਕਬੱਡੀ ਕੱਪ ਵੀ ਕਰਵਾਏ ਗਏ ਹਨ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਭਲਾਈ ਕੰਮਾਂ ਪ੍ਰਤੀ ਵਚਨਬੱਧਤਾ ਤਹਿਤ ਗਰੀਬ ਪਰਿਵਾਰਾਂ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਰਾਜ ਭਰ ਵਿਚ ਮੈਰੀਟੋਰੀਅਸ ਸਕੂਲ ਸਥਾਪਿਤ ਕੀਤੇ ਗਏ ਹਨ ਜਿੱਥੇ ਪੜ੍ਹਾਈ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਨਸ਼ਿਆਂ ਦੇ ਅੱਤਵਾਦ ਖਿਲਾਫ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੌਮਾਂਤਰੀ ਸਰਹੱਦ ਤੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਤਸਕਰਾਂ ਦੀ ਸਪਲਾਈ ਲਾਈਨ ਨੂੰ ਤਹਿਸ-ਨਹਿਸ ਕੀਤਾ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕਈ ਵੱਡੇ ਨਸ਼ਾ ਤਸਕਰਾ ਨੂੰ ਵੀ ਪੰਜਾਬ ਪੁਲਿਸ ਨੇ ਕਾਬੂ ਕੀਤਾ ਹੈ। ਉਨ੍ਹਾਂ ਦੀਨਾਨਗਰ ਅਤੇ ਪਠਾਨਕੋਟ ਅੱਤਵਾਦੀ ਹਮਲਿਆਂ ਵਿਚ ਨਿਭਾਈ ਜ਼ਾਂਬਾਜ਼ ਭੂਮਿਕਾ ਲਈ ਵੀ ਪੰਜਾਬ ਪੁਲਿਸ ਦੀ ਪ੍ਰਸੰਸਾ ਕੀਤੀ। ਉੱਪ ਮੁੱਖ ਮੰਤਰੀ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ 27 ਜਨਵਰੀ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ। ਸਮਾਗਮ ਦੌਰਾਨ ਉੱਪ ਮੁੱਖ ਮੰਤਰੀ ਨੇ ਮਹੰਤ ਗੁਰਬੰਤਾ ਦਾਸ ਸਕੂਲ ਬਠਿੰਡਾ ਅਤੇ ਪੁਲਿਸ ਪਬਲਿਕ ਸਕੂਲ ਡੀ.ਏ.ਵੀ. ਸਕੂਲ ਬਠਿੰਡਾ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ 25 ਅੰਗਹੀਣਾਂ ਨੂੰ ਟਰਾਈ ਸਾਈਕਲ ਅਤੇ ਲੋੜਬੰਦ ਔਰਤਾਂ ਨੂੰ 25 ਸਲਾਈ ਮਸ਼ੀਨਾਂ ਵੀ ਭੇਂਟ ਕੀਤੀਆਂ ਅਤੇ ਇਸ ਤੋਂ ਇਲਾਵਾ ਮੁੱਖ ਮਹਿਮਾਨ ਵੱਲੋਂ ਅਜਾਦੀ ਘੁਲਾਟੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਡੀ.ਜੀ.ਪੀ. ਸੁਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਬਸੰਤ ਗਰਗ, ਐਸ.ਐਸ.ਪੀ. ਸਵਪਨ ਸ਼ਰਮਾਂ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਸਾਸ਼ਨਿਕ ਤੇ ਨਿਆਂਇਕ ਅਧਿਕਾਰੀ ਤੇ ਹੋਰ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।
Punjab Post Daily Online Newspaper & Print Media