Friday, March 6, 2026

ਮੁਲਕ ਦੀ ਸੁਰੱਖਿਆ ਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ-ਕਿਰਨ ਰਿਜੀਜੂ

ਕਿਹਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਦਿਨ-ਰਾਤ ਇਕ ਕਰਾਂਗੇ

PPN3101201603

ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਮੁਲਕ ਦੀ ਸੁਰੱਖਿਆ ਅਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਕਿਰਨ ਰਿਜੀਜੂ ਨੇ ਅੰਮ੍ਰਿਤਸਰ ਦੇ ਆਪਣੇ ਦੋ ਦਿਨਾ ਦੌਰੇ ਦੇ ਪਹਿਲੇ ਦਿਨ ਅੱਜ ਸਥਾਨਕ ਐਮ ਕੇ ਹੋਟਲ ਵਿਖੇ ਸਥਾਨਕ ਪ੍ਰਤੀਨਿਧਾਂ ਨਾਲ ਮੁਲਾਕਾਤ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ, ਭਾਜਪਾ ਦੇ ਸੀਨੀਅਰ ਆਗੂ ਸ੍ਰੀ ਤਰੁਣ ਚੁੱਘ ਅਤੇ ਸ੍ਰੀ ਰਾਕੇਸ਼ ਰਾਠੌਰ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਨਰੇਸ਼ ਸ਼ਰਮਾ, ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਕੇਵਲ ਕੁਮਾਰ, ਸ੍ਰੀ ਸੁਭਾਸ਼ ਸ਼ਰਮਾ, ਸ. ਰਜਿੰਦਰ ਸਿੰਘ ਮਰਵਾਹ, ਸ੍ਰੀ ਆਰ. ਸੀ ਯਾਦਵ, ਸਾਬਕਾ ਕੈਬਨਿਟ ਮੰਤਰੀ ਬੀਬੀ ਲਕਸ਼ਮੀ ਕਾਂਤਾ ਚਾਵਲਾ ਅਤੇ ਸ੍ਰੀ ਬਲਦੇਵ ਰਾਜ ਚਾਵਲਾ ਤੋਂ ਇਲਾਵਾ ਸ਼ਹਿਰ ਦੇ ਕੌਂਸਲਰ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
ਸ੍ਰੀ ਰਿਜੀਜੂ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਇਨ੍ਹਾਂ ਨੂੰ ਭੰਗ ਕਰਨ ਦੀਆਂ ਚਾਲਾਂ ਚੱਲਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਕ ਦੀ ਕਿਸਮਤ ਚੰਗੀ ਹੈ ਕਿ ਉਸ ਨੂੰ ਸ੍ਰੀ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਮਿਲਿਆ ਹੈ, ਜਿਨ੍ਹਾਂ ਨੇ ਭਾਰਤ ਨੂੰ ਸੁਪਰ ਪਾਵਰ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ ਡੀ ਏ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਭ੍ਰਿਸ਼ਟਾਚਾਰ ਦਾ ਖ਼ਾਤਮਾ ਹੈ ਅਤੇ ਇਸ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਵਿਚ ਦੇਸ਼ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੰਮ ਕਰਨ ਦਾ ਤਰੀਕਾ ਬਦਲ ਕੇ ਅਨੇਕਾਂ ਲੋਕ ਪੱਖੀ ਯੋਜਨਾਵਾਂ ਲਿਆਂਦੀਆਂ ਹਨ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਨ ਦਾ ਬੀੜਾ ਚੁੱਕਿਆ ਹੈ, ਜਿਨ੍ਹਾਂ ਵਿਚ ਸਵੱਛ ਭਾਰਤ, ਜਨ-ਧਨ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਆਦਿ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਸਾਡੇ ‘ਤੇ ਬਹੁਤ ਆਸਾਂ ਹਨ ਅਤੇ ਅਸੀਂ ਇਨ੍ਹਾਂ ਆਸਾਂ ‘ਤੇ ਖਰਾ ਉਤਰਨ ਲਈ ਦਿਨ-ਰਾਤ ਇਕ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਕੋਲ ਸਰਕਾਰ ਖਿਲਾਫ਼ ਬੋਲਣ ਦਾ ਕੋਈ ਮੁੱਦਾ ਨਹੀਂ ਰਿਹਾ, ਇਸੇ ਲਈ ਉਹ ਇਸ ਨੂੰ ਬਦਨਾਮ ਕਰਨ ਲਈ ਬੇਲੋੜੀਆਂ ਗੱਲਾਂ ਕਰ ਰਹੀਆਂ ਹਨ, ਪਰੰਤੂ ਅਸੀਂ ਇਨ੍ਹਾਂ ਵਿਚ ਨਾ ਉਲਝ ਕੇ ਕੇਵਲ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਐਨ. ਡੀ. ਏ ਸਰਕਾਰ ਸੰਵਿਧਾਨ ‘ਤੇ ਪਹਿਰਾ ਦਿੰਦਿਆਂ ਜਾਤੀ, ਧਰਮ, ਨਸਲ ਜਾਂ ਲਿੰਗ ਦੇ ਆਧਾਰ ‘ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਹੋਣ ਦੇਵੇਗੀ ਅਤੇ ਉਹ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਤੀਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਬਹੁਤ ਹੀ ਮਹੱਤਵਪੂਰਨ ਸੂਬਾ ਹੈ, ਜੋ ਕਿ ਪੂਰੇ ਮੁਲਕ ਲਈ ਅੰਨਦਾਤਾ ਅਤੇ ਆਰਥਿਕਤਾ ਦਾ ਧੁਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਅਟਾਰੀ-ਵਾਹਗਾ ਸਰਹੱਦ ਕਾਰਨ ਇਸ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਰਾਹੀਂ ਇਥੇ ਮਾਹੌਲ ਵਿਗਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ, ਜਿਨ੍ਹਾਂ ਨੂੰ ਸਖ਼ਤੀ ਨਾਲ ਠੱਲ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰਡਰ ਮੈਨੇਜਮੈਂਟ ਦਾ ਇੰਚਾਰਜ ਹੋਣ ਦੇ ਨਾਤੇ ਉਨ੍ਹਾਂ ਨੇ ਸਭ ਤੋਂ ਵੱਧ ਸਰਹੱਦਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਕਿਸੇ ਵੀ ਚੀਜ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਰਿਜੀਜੂ ਨੇ ਕਿਹਾ ਕਿ ਉਹ ਅਟਾਰੀ ਸਰਹੱਦ ‘ਤੇ ਵਪਾਰ ਸਬੰਧੀ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲੈ ਕੇ ਇਨ੍ਹਾਂ ਦਾ ਹੱਲ ਕਰਨਗੇ। ਪਵਿੱਤਰ ਨਗਰੀ ਅੰਮ੍ਰਿਤਸਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਡੀ ਪਹਿਚਾਣ ਹੈ ਅਤੇ ਇਸੇ ਲਈ ਪ੍ਰਧਾਨ ਮੰਤਰੀ ਦੇ ਆਦੇਸ਼ਾਂ ‘ਤੇ ਹਰੇਕ ਮੰਤਰੀ ਦੇ ਦੋ ਲੋਕ ਸਭਾ ਹਲਕਿਆਂ ਵਿੱਚ ਪ੍ਰਵਾਸ ਲਈ ਉਨ੍ਹਾਂ ਅੰਮ੍ਰਿਤਸਰ ਨੂੰ ਚੁਣਿਆ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਦਿੱਤੇ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚਣ ‘ਤੇ ਸਥਾਨਕ ਸਰਕਟ ਹਾਊਸ ਵਿਖੇ ਸ੍ਰੀ ਰਿਜੀਜੂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸੇ ਦੌਰਾਨ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਇਲਾਵਾ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਇਲਾਵਾ ਉਨ੍ਹਾਂ ਏਕੀਕ੍ਰਿਤ ਚੈੱਕ ਪੋਸਟ ਅਟਾਰੀ ਦਾ ਦੌਰਾ ਕੀਤਾ ਅਤੇ ਅਟਾਰੀ-ਵਾਹਗਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਵੀ ਵੇਖੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply