ਪਠਾਨਕੋਟ, 10 ਫਰਵਰੀ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਉੱਚੇਰੀ ਸਿੱਖਿਆ ਦੇਣ ਲਈ ਲਮੀਣੀ (ਪਠਾਨਕੋਟ) ਵਿਖੇ 14.29 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਸਰਕਾਰੀ ਕਾਲਜ ਦੀ ਇਮਾਰਤ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਅਤੇ ਆਉਂਦੇ ਵਿਦਿਅਕ ਸ਼ੈਸ਼ਨ 2016-17 ਦੌਰਾਨ ਇਸ ਕਾਲਜ ਵਿੱਚ ਦਾਖਲੇ ਦੀ ਪ੍ਰਕਿਰਿਆ ਆਰੰਭ ਕਰਕੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਕਾਲਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਕਾਲਜ ਦੀ ਇਮਾਰਤ ਦੋ ਮੰਜਿਲੀ ਬਣਾਈ ਗਈ ਹੈ। ਜਿਸ ਵਿੱਚ ਤਿੰਨ ਬਲਾਕ, ਪ੍ਰਬੰਧਕੀ, ਸਾਇੰਸ ਅਤੇ ਆਰਟਸ ਬਲਾਕ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਕਾਲਜ ਦੀ ਇਮਾਰਤ ਦਾ ਕਵਰਡ ਏਰੀਆ 80 ਹਜ਼ਾਰ ਸਕੇਅਰ ਫੁੱਟ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕਾਲਜ ਦੀ ਇਮਾਰਤ ਦਾ ਕੰਮ ਮੁਕੰਮਲ ਹੋ ਗਿਆ ਹੈ, ਉੱਥੇ ਇਸ ਇਮਾਰਤ ਦੀ ਸਫੈਦੀ ਦਾ ਕੰਮ ਵੀ ਲਗਭਗ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ਕੰਪਲੈਕਸ ਅੰਦਰ ਬਣਨ ਵਾਲੀ ਸੜਕ ਅਤੇ ਚਾਰਦਿਵਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਜਿੱਥੇ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਮਿਆਰੀ, ਉਚੇਰੀ ਅਤੇ ਸਸਤੀ ਸਿੱਖਿਆ ਦੀ ਸਹੂਲਤ ਮਿਲੇਗੀ, ਉੱਥੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਲਈ ਦੂਸਰੇ ਜ਼ਿਲਿਆਂ ਵਿੱਚ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਉਹ ਸਸਤੀ ਤੇ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣਗੇ।
ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਹਰ ਨਾਗਰਿਕ ਨੂੰ ਸਿੱਖਿਆ ਮੁਹਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਕਾਸ ਲਈ ਪਿਛਲੇ ਮਾਲੀ ਸਾਲ ਦੌਰਾਨ 3 ਕਰੋੜ 45 ਲੱਖ 49 ਹਾਜ਼ਰ ਰੁਪਏ ਖਰਚ ਕੀਤੇ ਗਏ ਹਨ ਅਤੇ ਵੱਖ ਵੱਖ ਸਕੂਲਾਂ ਵਿੱਚ ਆਰਟ ਐਂਡ ਕਰਾਫਟ ਦੀਆਂ ਜਮਾਤਾਂ ਲਈ 2.70 ਕਰੋੜ ਰੁਪਏ ਖਰਚ ਕਰਕੇ 54 ਕਮਰੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ‘ਤੇ 50 ਲੱਖ ਰੁਪਏ ਅਤੇ ਹਾਈ ਸਕੂਲਾਂ ਲਈ ਸਾਇੰਸ ਕਿੱਟਾਂ ਖਰੀਦਣ ਲਈ 13 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਜ਼ਿਲ੍ਹੇ ਵਿੱਚ ਗਿਆਰਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ 7228 ਸਾਇਕਲ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹਈਆ ਕੀਤੀਆਂ ਜਾ ਰਹੀਆਂ ਹਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media