ਕਾਂਗਰਸ ਨੂੰ ਆਪਣੇ ਵਰਕਰਾਂ ‘ਤੇ ਨਹੀਂ ਭਰੋਸਾ- ਮਨਪ੍ਰਚਾਵੇ ਲਈ ਵਧੀਆ ਹੈ ‘ਆਪ’
ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਾਮੀ 2017 ਦੀਆਂ ਚੋਣਾਂ ਵਿਚ ਜ਼ਿਆਦਾਤਰ ਨਵੇਂ ਚਿਹਰੇ ਸਾਹਮਣੇ ਲਿਆਂਦੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਧਾਇਕ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਤੋਂ ਉਨ੍ਹਾਂ ਬਾਰੇ ਵਿਚਾਰ ਲਏ ਜਾਣ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ। ਉਹ ਅੱਜ ਸਵੇਰੇ ਆਪਣੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2017 ਦੀਆਂ ਚੋਣਾਂ ਵਿਕਾਸ ਦੇ ਮੁੱਦੇ ‘ਤੇ ਹੀ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਤੀਜੀ ਵਾਰ ਸਰਕਾਰ ਬਣਾਵੇਗਾ। ਖਡੂਰ ਸਾਹਿਬ ਜ਼ਿਮਨੀ ਚੋਣ ਸਬੰਧੀ ਸ. ਬਾਦਲ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਸਮੇਤ ਦੂਜੀਆਂ ਪਾਰਟੀਆਂ ਮੈਦਾਨ-ਏ-ਜੰਗ ਵਿਚੋਂ ਭੱਜੀਆਂ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਜ਼ਿਮਨੀ ਚੋਣ ਵਿਚ ਕਾਂਗਰਸ ਅਤੇ ‘ਆਪ’ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਵੀ ਹਾਰਨ ਦੇ ਡਰ ਤੋਂ ਹੀ ਉਹ ਮੈਦਾਨ ਛੱਡ ਗਈਆਂ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਚੋਣ ਵਿਚ ‘ਆਪ’ ਵਾਲਿਆਂ ਦੀ ਜ਼ਮਾਨਤ ਜ਼ਬਤ ਹੋਈ ਸੀ ਅਤੇ ਹੁਣ ਉਹ ਆਪਣਾ ਡਰਾਮਾ ਲੁਕੋਣ ਲਈ ਚਾਦਰ ਲਪੇਟੀ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੂੰ ਆਪਣੇ ਵਰਕਰਾਂ ‘ਤੇ ਭਰੋਸਾ ਨਹੀਂ ਰਿਹਾ। ਕਾਮੇਡੀਅਨ ਗੁਰਪ੍ਰੀਤ ਘੁੱਗੀ ਵੱਲੋਂ ‘ਆਪ’ ਵਿਚ ਸ਼ਾਮਿਲ ਹੋਣ ਸਬੰਧੀ ਪੁੱਛੇ ਇਕ ਸਵਾਲ ‘ਤੇ ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਮਨਪ੍ਰਚਾਵੇ ਲਈ ਆਮ ਆਦਮੀ ਪਾਰਟੀ ਬਹੁਤ ਵਧੀਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ‘ਪੱਗ ਬਚਾਓ ਮੁਹਿੰਮ’ ਤਹਿਤ ਪੰਜਾਬ ਦੇ ਪਿੰਡਾਂ ਦੇ ਦੌਰੇ ਕਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੈਪਟਨ ਨੇ ਖੁਦ ਹੀ ਕਿਹਾ ਹੈ ਕਿ ਇਹ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਇਸ ਲਈ ਇਹ ਉਨ੍ਹਾਂ ਲਈ ਵਧੀਆ ਮੌਕਾ ਹੈ ਕਿ ਉਹ ਪਿੰਡਾਂ ਵਿਚ ਜਾਣ ਦਾ ਜਿਹੜਾ ਕੰਮ ਆਪਣੇ ਕਾਰਜਕਾਲ ਸਮੇਂ ਨਹੀਂ ਕਰ ਸਕੇ, ਉਹ ਹੁਣ ਵਿਹਲੇ ਸਮੇਂ ਵਿਚ ਕਰ ਲੈਣ ਤਾਂ ਜੋ ਘੱਟੋ-ਘੱਟ ਉਨ੍ਹਾਂ ਨੂੰ ਸੂਬੇ ਦੇ ਪਿੰਡਾਂ ਦੇ ਦਰਸ਼ਨ ਤਾਂ ਹੋ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਹੀ ਮਾਅਨਿਆਂ ਵਿਚ ਇਸ ਸਬੰਧੀ ਗੰਭੀਰ ਹਨ ਤਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਾਂਗ ਸਵੇਰੇ ਜਲਦੀ ਉਠਣ ਦੀ ਆਦਤ ਪਾਉਣ, ਲੋਕਾਂ ਵਿਚ ਵਿਚਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਹ ਸੂਬੇ ਦੇ 30 ਫੀਸਦੀ ਪਿੰਡ ਵੀ ਕਵਰ ਕਰ ਲੈਣ ਤਾਂ ਇਹ ਇਕ ਬਹਾਦਰੀ ਹੋਵੇਗੀ। ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵੰਬਰ ਤੱਕ ਪਵਿੱਤਰ ਨਗਰੀ ਵਿੱਚ ਚੱਲ ਰਹੇ ਪ੍ਰਾਜੈਕਟ ਮੁਕੰਮਲ ਕਰਕੇ ਇਸ ਦੀ ਦਿਖ ਬਦਲ ਦਿੱਤੀ ਜਾਵੇਗੀ। ਵਿਕਾਸ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਕਿਹਾ ਕਿ ਪ੍ਰਾਜੈਕਟ ਬਹੁਤ ਵੱਡੇ ਹਨ ਅਤੇ ਜਿਹੜਾ ਕੰਮ 40 ਸਾਲ ਵਿਚ ਹੋਣਾ ਸੀ, ਅਸੀਂ ਉਸ ਨੂੰ 4 ਸਾਲ ਵਿਚ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਲਈ ਥੋੜ੍ਹੀ ਦੇਰ ਲੋਕਾਂ ਨੂੰ ਹੋਰ ਇੰਤਜ਼ਾਰ ਕਰਨਾ ਪਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ਼ੋਮਣੀ ਕਮੇਟੀ ਸ. ਹਰਚਰਨ ਸਿੰਘ, ਸ੍ਰੀ ਨਵਦੀਪ ਸਿੰਘ ਗੋਲਡੀ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Punjab Post Daily Online Newspaper & Print Media