
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਮਹੱਤਵਪੂਰਨ ਪ੍ਰਾਜੈਕਟਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਉਸਾਰੀ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ. ਏ. ਸੀ), ਗੋਲਡਨ ਟੈਂਪਲ ਪਲਾਜ਼ਾ ਦੀ ਬੇਸਮੈਂਟ ਅਤੇ ਹਾਲ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦਿੱਤੀ ਜਾ ਰਹੀ ਵਿਰਾਸਤੀ ਦਿੱਖ ਅਤੇ ਸੁੰਦਰੀਕਰਨ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਸ੍ਰੀ ਰੂਜਮ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਵਿਕਾਸ ਪ੍ਰਾਜੈਕਟਾਂ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਇਨ੍ਹਾਂ ਨੂੰ ਜਲਦ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਅੰਮ੍ਰਿਤਸਰ ਸ਼ਹਿਰ ਦੀ ਪੂਰਣ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਸਾਲ ਦੇ ਅੱਧ ਤੱਕ ਪੂਰੇ ਕਰ ਲਏ ਜਾਣਗੇ। ਸ੍ਰੀ ਰੂਜਮ ਨੇ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿਚ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਦਾਖਲਾ ਗੇਟ ਦੀ ਉਸਾਰੀ ਵੀ ਆਪਣੇ ਅੰਤਿਮ ਪੜਾਅ ਵਿਚ ਹੈ ਅਤੇ ਬੇਮਿਸਾਲ ਕਾਰੀਗਰੀ ਦਾ ਨਮੂਨਾ ਇਹ ਗੇਟ ਜਲਦ ਹੀ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਟਾਊਨ ਹਾਲ, ਫੁਹਾਰਾ ਚੌਕ, ਭੰਡਾਰੀ ਪੁਲ ਅਤੇ ਸਦਰ ਚੌਕ ਨਜ਼ਦੀਕ ਚੱਲ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਬਾਅਦ ਸ੍ਰੀ ਰੂਜਮ ਨੇ ਮਜੀਠਾ ਅਤੇ ਜੰਡਿਆਲਾ ਸਬ-ਤਹਿਸੀਲ ਕੰਪਲੈਕਸਾਂ ਦਾ ਵੀ ਦੌਰਾ ਕੀਤਾ ਅਤੇ ਉਥੋਂ ਦਾ ਕੰਮਕਾਜ਼ ਵਾਚਿਆ। ਮਜੀਠਾ ਵਿਖੇ ਉਨ੍ਹਾਂ ਚੱਲ ਰਹੇ ਆਡੀਸ਼ਨ ਅਲਟਰੇਸ਼ਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪਟਵਾਰੀਆਂ ਦੇ ਵਰਕ ਸਟੇਸ਼ਨ ਦਾ ਵੀ ਦੌਰਾ ਕੀਤਾ। ਇਸ ਮੌਕੇ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਐਕਸੀਅਨ ਸ. ਜੇ. ਐਸ ਸੋਢੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media