
ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ ਪੰਜਾਬ ਅੰਦਰ ਲਗਾਤਾਰ ਜਾਰੀ ਹੈ ਜੋ ਬੇਹੱਦ ਘਿਨਾਉਣਾ ਦੁਖਦਾਈ ਤੇ ਨਾ-ਸਹਾਰਨਯੋਗ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਰਾਮਦਿਵਾਲੀ ਮੁਸਲਮਾਨਾ (ਮੱਤੇਵਾਲ) ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਟਕੇ ਸਾਹਿਬ ਨੂੰ ਜਲਣਸ਼ੀਲ ਪਦਾਰਥ ਏ.ਸੀ. ਤੇ ਪੱਖਿਆਂ ਉਪਰ ਪਾ ਕੇ ਅੱਗ ਲਗਾ ਕੇ ਸਾੜ ਦਿੱਤਾ ਗਿਆ ਹੈ ਜਿਸ ਤੋਂ ਸ਼ਾਰਟ ਸਰਕਟ ਹੋਣ ਦਾ ਭੁਲੇਖਾ ਪਾਇਆ ਜਾ ਸਕੇ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਪਾਵਨ ਸਰੂਪਾਂ ਦੀ ਲਗਾਤਾਰ ਹੋ ਰਹੀ ਬੇਅਦਬੀ ਨਾਲ ਪਹਿਲਾਂ ਹੀ ਸਿੱਖਾਂ ਦੇ ਹਿਰਦੇ ਵਲੂੰਧਰੇ ਹੋਏ ਹਨ ਤੇ ਹੁਣ ਫਿਰ ਕੁਝ ਅਮਨ ਸ਼ਾਂਤੀ ਦੇ ਵੈਰੀ ਲੋਕਾਂ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਇਸੇ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਲੋਕ ਪੰਜਾਬ ਦੀ ਅਮਨ ਸ਼ਾਂਤੀ ਵਾਲੇ ਮਾਹੌਲ ਨੂੰ ਪੂਰੀ ਤਰ੍ਹਾਂ ਵਿਗਾੜਨਾ ਚਾਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਵੀ ਮੌਕੇ ਪੁਰ ਭੇਜ ਦਿੱਤੀ ਗਈ ਹੈ। ਪਿੰਡ ਵਾਲਿਆਂ ਵੱਲੋਂ ਫੜੇ ਗਏ ਸ਼ਰਾਰਤੀ ਅਨਸਰਾਂ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਨ੍ਹਾਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਪੁਲਿਸ ਦੇ ਉੱਚ ਅਧਿਕਾਰੀਆਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਘਿਨਾਉਣੀਆਂ ਹਰਕਤਾਂ ਪਿੱਛੇ ਜੋ ਵੀ ਲੋਕ ਹਨ ਉਨ੍ਹਾਂ ਨੂੰ ਸਾਹਮਣੇ ਲਿਆਇਆ ਜਾ ਸਕੇ। ਉਨ੍ਹਾਂ ਸਮੂਹ ਸਭਾ-ਸੁਸਾਇਟੀਆਂ, ਪੰਚਾਇਤਾਂ, ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਗੁਰੂ-ਘਰਾਂ ਦੀ ਰਖਵਾਲੀ ਯਕੀਨੀ ਬਣਾਈ ਜਾਵੇ ਤੇ ਹਰੇਕ ਗੁਰੂ-ਘਰ ਅੱਗੇ ਪਹਿਰੇ ਲਗਾਏ ਜਾਣ ਤਾਂ ਕਿ ਗੁਰੂ ਸਾਹਿਬ ਦੇ ਸਰੂਪਾਂ ਦੀ ਹੋ ਰਹੀ ਬੇਅਦਬੀ ਰੋਕੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੁਖੀ ਦੀ ਘੜੀ ਵਿੱਚ ਸ਼ੋ੍ਰਮਣੀ ਕਮੇਟੀ ਪੂਰੀ ਤਰ੍ਹਾਂ ਸਿੱਖ ਸੰਗਤਾਂ ਦੇ ਨਾਲ ਹੈ।
Punjab Post Daily Online Newspaper & Print Media