
ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਅਤੇ ਸਫਾਈ ਕਰਮਚਾਰੀ ਸੰਗਠਨਾਂ ਦੇ ਨੁੰਮਾਇੰਦਿਆਂ ਨਾਲ ਬੈਠਕ ਕਰਕੇ ਸਫਾਈ ਕਰਮਚਾਰੀਆਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਮੁਸਕਿਲਾਂ ਦੇ ਜਲਦ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੂੜਾ ਚੁੱਕਣ ਵਾਲੀ ਪ੍ਰਾਈਵੇਟ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਵਿਚ ਦੇਰੀ ਲਈ ਕਰੜੇ ਹੱਥੀ ਲੈਂਦਿਆਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸਬੰਧਤ ਕੰਪਨੀ ਨੂੰ ਇਸ ਸਬੰਧੀ ਤੁਰੰਤ ਨੋਟਿਸ ਜਾਰੀ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਫਾਜ਼ਿਲਕਾ ਦੀਆਂ ਤਿੰਨਾਂ ਨਗਰ ਕੌਂਸਲਾਂ ਵਿਚ ਮੁਲਾਜਮਾਂ ਨੂੰ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ। ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਗੋਪਾਲ ਕ੍ਰਿਸ਼ਨ ਸਹੋਤਰਾ ਨੇ ਇਸ ਮੌਕੇ ਇਹ ਵੀ ਕਿਹਾ ਕਿ ਜਿਸ ਕਮੇਟੀ ਵਿਚ ਪੀ.ਐਫ. ਦਾ ਸਾਂਝਾ ਖਾਤਾ ਹੈ ਉਥੇ ਕਰਮਚਾਰੀਆਂ ਦੇ ਵੱਖਰੇ ਵੱਖਰੇ ਖਾਤੇ ਕੀਤੇ ਜਾਣ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀਆਂ ਦਾ ਮੈਡੀਕਲ ਚੈਕਅੱਪ ਕਰਵਾਇਆ ਜਾਵੇ ਅਤੇ ਇੰਨ੍ਹਾਂ ਨੂੰ ਲੋੜੀਂਦਾ ਸਮਾਨ ਵੀ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਲੀਡ ਬੈਂਕ ਨੂੰ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੁਨਰ ਸਿਖਲਾਈ ਅਤੇ ਸਵੈਰੁਜਗਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਉਪਲਬੱਧ ਕਰਵਾਉਣ ਲਈ ਵਿਸੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਚਰਨਦੇਵ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਫਾਈ ਕਰਮਚਾਰੀਆਂ ਦੇ ਮਸਲੇ ਹੱਲ ਕਰਨ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਹੀ ਇੰਨ੍ਹਾਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਬੈਠਕ ਵਿਚ ਹੋਰਨਾਂ ਤੋਂ ਇਲਾਵਾ ਐਸ.ਪੀ. ਸ: ਨਰਿੰਦਰਪਾਲ ਸਿੰਘ, ਐਸ.ਡੀ.ਐਮ. ਸ੍ਰੀ ਸੁਭਾਸ ਖੱਟਕ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ: ਨਰਿੰਦਰਜੀਤ ਸਿੰਘ ਪਨੂੰ, ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ: ਪਰਮਜੀਤ ਸਿੰਘ ਅਤੇ ਸਫਾਈ ਕਰਮਚਾਰੀ ਸੰਗਠਨਾਂ ਦੇ ਨੁੰਮਾਇੰਦੇ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media