Friday, July 17, 2026

ਸਤਿੰਦਰ ਸਰਤਾਜ ਵਿਦਿਆਰਥੀਆਂ ਦੇ ਰੂਬਰੂ -‘ਮਹਿਫਿਲ-ਏ-ਸਰਤਾਜ’ ਦਾ ਆਯੋਜਨ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਹਾਊਸ ਲਾਅਨਜ਼ ਵਿਖੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਵਾਉਣ ਹਿਤ ਇਕ ਸਭਿਆਚਾਰਕ ਸ਼ਾਮ ‘ਮਹਿਫਿਲ-ਏ-ਸਰਤਾਜ’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਦੀ ਸੂਝ ਅਤੇ ਦਿਸ਼ਾ ਨਿਰਦੇਸ਼ ਹੇਠ ਕਰਵਾਇਆ ਗਿਆ ਜਿਸ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੀ ਗਾਇਕੀ ਅਤੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਸੀ।
ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਇਸ ਸਮਾਗਮ ਵਿਚ ਯੂਨੀਵਰਸਿਟੀ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਥਾਨਕ ਪਤਵੰਤੇ ਸੱਜਣ ਸ਼ਾਮਿਲ ਹੋਏ। ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਪ੍ਰੋ. ਬਰਾੜ ਨੇ ਇਸ ਮੌਕੇ ਸਤਿੰਦਰ ਸਰਤਾਜ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਲੋੜ ਹੈ ਕਿ ਮਾੜੀ ਗਾਇਕੀ ਤੋਂ ਨੌਜੁਆਨ ਪੀੜ੍ਹੀ ਨੂੰ ਬਚਾਉਂਦੇ ਹੋਏ ਚੰਗੀ ਗਾਇਕੀ ਦੇ ਰੂਬਰੂ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਵੀ ਇਹ ਸੀ।
ਸਤਿੰਦਰ ਸਰਤਾਜ ਨੇ ਇਸ ਮੌਕੇ ਆਪਣੀ ਪੇਸ਼ਕਾਰੀ ਦੌਰਾਨ ਪ੍ਰੋ. ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਵਿਖੇ ਆਉਣ ਦਾ ਮੌਕਾ ਮਿਲਿਆ। ਪ੍ਰੋ. ਬਰਾੜ ਵੱਲੋਂ ਸਰਤਾਜ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੀ ਆਪਣੇ ਫਨ ਦਾ ਮੁਜ਼ਾਹਰਾ ਕੀਤਾ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply