Tuesday, September 8, 2026

ਮਸੀਹ ਤੇ ਮੁਸਲਿਮ ਭਾਈਚਾਰੇ ਲਈ 2.5 ਏਕੜ ਰਕਬੇ ‘ਚ ਕਬਰਸਤਾਨ ਤੇ ਇੱਕ ਕਮਿਊਨਿਟੀ ਹਾਲ ਬਣੇਗਾ- ਮੁਨੱਵਰ ਮਸੀਹ

PPN2903201631

ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ)- ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਜਸਵੰਤ ਸਿੰਘ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫ਼ਸਰ, ਰਾਜਿੰਦਰ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ, ਸਬੰਧਤ ਵਿਭਾਗਾਂ ਦੇ ਅਫ਼ਸਰ ਤੇ ਪ੍ਰਿੰਸ ਮਸੀਹ, ਸੁਖਦੇਵ ਮਸੀਹ, ਮਸੀਹ ਤੇ ਮੁਸਲਿਮ ਭਾਈਚਾਰੇ ਦੇ ਨੁੰਮਾਇਦੇ ਵੀ ਹਾਜ਼ਰ ਸਨ।
ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਾਰਪੋਰੇਸ਼ਨ ਪਠਾਨਕੋਟ ਦੀ ਹਦੂਦ ਅੰਦਰ ਮਸੀਹ ਤੇ ਮੁਸਲਿਮ ਭਾਈਚਾਰੇ ਲਈ 2.5 ਏਕੜ ਰਕਬੇ ਵਿੱਚ ਕਬਰਸਤਾਨ ਅਤੇ 4 ਕਨਾਲਾਂ ਵਿੱਚ ਇੱਕ ਕਮਿਊਨਿਟੀ ਹਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਦੀ ਅਮਨ ਕਮੇਟੀ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਨੁੰਮਾਇਦਗੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕਿਹਾ ਕਿ ਉਹ ਕਬਰਸਤਾਨ ਅਤੇ ਕਮਿਊਨਿਟੀ ਹਾਲ ਲਈ ਕਾਰਪੋਰੇਸ਼ਨ ਦੀ ਹਦੂਦ ਅੰਦਰ ਜਗ੍ਹਾ ਉਪਲਬੱਧ ਕਰਵਾਉਣ ਲਈ ਯੋਗ ਕਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਬਰਸਤਾਨ ਅਤੇ ਕਮਿਊਨਿਟੀ ਹਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਫੰਡ ਉਪਲਬੱਧ ਕਰਵਾਉਣ ਲਈ ਅਪੀਲ ਕੀਤੀ ਜਾਵੇਗੀ। ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਜਾਂ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇੰਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।
ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ। ਮੀਟਿੰਗ ਵਿੱਚ ਵੱਖ ਵਿੱਖ ਪਿੰਡਾਂ ਤੋਂ ਆਏ ਈਸਾਈ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਨੁੰਮਾਇਦਿਆਂ ਵੱਲੋਂ ਕਬਰਸਤਾਨਾਂ ‘ਤੇ ਕੀਤੇ ਨਜਾਇਜ ਕਬਜ਼ਿਆਂ, ਨਿਸ਼ਾਨਦੇਹੀਆਂ, ਨਵੇਂ ਕਬਰਸਤਾਨ ਬਣਾਉਣ ਦੀਆਂ ਮੁਸ਼ਕਲਾਂ ਦੱਸੀਆਂ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply