Monday, July 8, 2024

ਕੇਜਰੀਵਾਲ ਐਸਵਾਈਐਲ ਮੁੱਦੇ ‘ਤੇ ਦੋਗਲੀ ਰਾਜਨੀਤੀ ਕਰ ਰਿਹੈ- ਸੁਖਬੀਰ ਸਿੰਘ ਬਾਦਲ

ਪੰਜਾਬੀ ਸੂਬੇ ਦੌਰਾਨ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਪੈਨਸ਼ਨ ਸ਼ਰਤਾਂ ਨਰਮ ਕੀਤੀਆਂ

Sukhbir Badalਰਮਦਾਸ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਸਵਾਈਐਲ ਦੇ ਮੁੱਦੇ ‘ਤੇ ਕੀਤੀ ਜਾ ਰਹੀ ਦੋਗਲੀ ਰਾਜਨੀਤੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਐਸਵਾਈਐਲ ਨਹਿਰ ਬਣਾਉਣ ਦੇ ਹੱਕ ਵਿਚ ਬਿਆਨ ਦੇ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਰੋਧੀ ਹੈ ਅਤੇ ਜਦੋਂ ਪੰਜਾਬ ਆਉਂਦਾ ਹੈ ਤਾਂ ਕੁਝ ਹੋਰ ਆਖਦਾ ਹੈ ਅਤੇ ਦਿੱਲੀ ਜਾ ਕੇ ਹਰਿਆਣਾ ਦੇ ਹੱਕ ਵਿਚ ਬਿਆਨਬਾਜ਼ੀ ਕਰਨ ਲੱਗ ਜਾਂਦਾ ਹੈ।
ਇੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਕਾਸ-ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੀਤਾ ਹੈ ਹੋਰ ਕਿਸੇ ਪਾਰਟੀ ਦੀ ਸਰਕਾਰ ਏਸ ਦੇ ਨੇੜੇ ਵੀ ਨਹੀਂ ਢੁੱਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਆਈ ਹੈ ਉਦੋਂ-ਉਦੋਂ ਹੀ ਵਿਕਾਸ ਕੰਮਾਂ ਵਿਚ ਰਿਕਾਰਡਤੋੜ ਤੇਜ਼ੀ ਆਈ ਹੈ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਗਰੀਬਾਂ, ਬਜ਼ੁਰਗਾਂ ਅਤੇ ਨੌਜਵਾਨਾਂ ਲਈ ਅਹਿਮ ਕੰਮ ਕੀਤੇ ਹਨ ਅਤੇ ਹਰ ਖੇਤਰ ਲਈ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਾਂਗਰਸ ‘ਤੇ ਵਰਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਮੇਤ ਸਾਰੇ ਵਿਧਾਇਕ ਇਸ ਬਜਟ ਸੈਸ਼ਨ ਦੌਰਾਨ ਕਾਂਗਰਸ ਸਰਕਾਰ ਦੀ ਇਕ ਵੀ ਪ੍ਰਾਪਤੀ ਨਹੀਂ ਗਿਣਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੂਬੇ ਵਿਚ ਸੜਕਾਂ ਦਾ ਜਾਲ ਵਿਛਾਇਆ, ਬਿਜਲੀ ਵਾਧੂ ਕੀਤੀ, ਕਿਸਾਨਾਂ, ਵਪਾਰੀਆਂ ਤੇ ਕਿਸਾਨਾਂ ਲਈ ਮੁਫਤ ਬੀਮਾ ਕੀਤਾ, ਆਟਾ-ਦਾਲ ਸਕੀਮ ਸਫਲਤਾਪੂਰਵਕ ਚੱਲ ਰਹੀ ਹੈ, ਪੈਨਸ਼ਨ ਦੁੱਗਣੀ ਕੀਤੀ, ਧਾਰਮਿਕ ਯਾਤਰਾਵਾਂ ਸ਼ੁਰੂ ਕੀਤੀਆਂ ਅਤੇ ਪੰਜਾਬੀ ਸੂਬੇ ਦੌਰਾਨ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਪੈਨਸ਼ਨ ਦੀਆਂ ਸ਼ਰਤਾਂ ਵੀ ਹੁਣ ਨਰਮ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਚਹੁੰ ਮੁਖੀ ਵਿਕਾਸ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਪਹਿਲਕਦਮੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਗਤੀ ਹੋਰ ਤੇਜ਼ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਅਜਨਾਲਾ ਹਲਕੇ ਦੀਆਂ 178 ਪੰਚਾਇਤਾਂ ਨੂੰ 35 ਕਰੋੜ ਰੁਪਏ ਦੇ ਚੈੱਕ ਤਕਸੀਮ ਕੀਤੇ ਜਦਕਿ ਅਜਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ 9.78 ਕਰੋੜ ਰੁਪਏ ਦਿੱਤੇ। ਰਮਦਾਸ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਵੀ ਸਾਢੇ 6 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਜਾਰੀ ਕੀਤੀ ਗਈ। ਇਕ ਹੋਰ ਅਹਿਮ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਨਵੇਂ ਟਿਊਬਵੈੱਲ ਕੁਨੈਕਸ਼ਨਾਂ ਤੋਂ ਰੋਕ ਹਟਾ ਲਏ ਜਾਣ ਤੋਂ ਬਾਅਦ ਹੁਣ ਜਲਦ ਹੀ ਪੰਜਾਬ ਵਿਚ ਬਕਾਇਆ ਪਏ ਸਾਰੇ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਅਜਨਾਲਾ ਹਲਕੇ ਲਈ 1000 ਨਵੇਂ ਟਿਊਬਵੈੱਲ ਕੁਨੈਕਸ਼ਨਾਂ ਦੇ ਪ੍ਰਵਾਨਗੀ ਪੱਤਰ ਵੀ ਵੰਡੇ।
ਇਸ ਤੋਂ ਪਹਿਲਾਂ ਉਨ੍ਹਾਂ ਅਜਨਾਲਾ ਵਿਖੇ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜੋ ਕਿ 3.14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਡਾ ਰਤਨ ਸਿੰਘ ਅਜਨਾਲਾ ਨੇ ਉੱਪ ਮੁੱਖ ਮੰਤਰੀ ਨੂੰ ਜੀਅ ਆਇਆਂ ਕਿਹਾ ਅਤੇ ਮੁੱਖ ਸੰਸਦੀ ਸਕੱਤਰ ਸ. ਅਮਰਪਾਲ ਸਿੰਘ ਬੋਨੀ ਨੇ ਉੱਪ ਮੁੱਖ ਮੰਤਰੀ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਸ. ਹਰਮੀਤ ਸਿੰਘ ਸੰਧੂ, ਸ. ਰਵੀਕਰਨ ਸਿੰਘ ਕਾਹਲੋਂ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply