Wednesday, April 29, 2026

108ਵੀਂ ਬੱਚੀ ਦੇ ਆਉਣ ਨਾਲ ਪੰਘੂੜੇ ਵਿੱਚ ਬੱਚਿਆਂ ਦੀ ਕੁੱਲ ਗਿਣਤੀ 127 ਹੋਈ

PPN1204201615

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 127 ਹੋ ਗਈ ਹੈ। ਡੇਢ ਕੁ ਮਹੀਨਾ ਪਹਿਲਾਂ ਕਿਸੇ ਵੱਲੋਂ ਇਸ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ ਜਿਸ ਦਾ ਭਾਰ ਘੱਟ ਹੋਣ ਕਾਰਨ ਉਸ ਨੂੰ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਹੁਣ ਇਹ ਬੱਚੀ ਬਿਲਕੁਲ ਤੰਦਰੁਸਤ ਹੈ, ਇਸ ਲਈ ਇਸ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।
ਅੱਜ ਇਸ ਬੱਚੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਪੰਘੂੜੇ ਵਿਚ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 19 ਲੜਕੇ ਅਤੇ 108 ਲੜਕੀਆਂ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈੱਡ ਕਰਾਸ ਵੱਲੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply