
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 19 ਅਪ੍ਰੈਲ ਨੂੰ ਸਵੇਰੇ 10:30 ਵਜੇ ਗੁਰ ਕਰਤਾਰ ਪੈਲਸ ਸੈਲੀ ਰੋਡ, ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡਣ ਲਈ ਆਯੋਜਿਤ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਲਾਭਪਾਤਰੀਆਂ ਨੂੰ ਬੀਮਾ ਕਾਰਡ ਵੰਡਣਗੇ। ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਲਨੀਤ ਸਿੰਘ ਖੁਰਾਨਾ ਐਸ.ਪੀ. ਹੈਡਕੁਆਟਰ, ਅਮਿਤ ਕੁਮਾਰ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਹਰਸਿਮਰਤ ਕੌਰ ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਡਾ. ਅਜੇ ਬੱਗਾ ਸਿਵਲ ਸਰਜਨ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼, ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫ਼ਸਰ, ਪ੍ਰਵੀਨ ਕੁਮਾਰ ਐਕਸੀਅਨ ਪਬਲਿਕ ਹੈਲਥ, ਅਸ਼ੋਕ ਕੁਮਾਰ ਈ.ਟੀ.ਓ., ਨਰੇਸ਼ ਕੁਮਾਰ ਐਸ.ਡੀ.ਓ. ਅਤੇ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਪਠਾਨਕੋਟ ਦੇ ਦੌਰੇ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਉੱਪ ਮੁੱਖ ਮੰਤਰੀ ਪੰਜਾਬ ਉਕਤ ਮਿਤੀ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਪਾਰੀ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਵਪਾਰੀ ਲਾਭਪਾਤਰੀ ਅਤੇ ਉਸ ‘ਤੇ ਨਿਰਭਰ ਪਰਿਵਾਰ ਦੇ ਪੰਜ ਮੈਂਬਰ 50 ਹਜ਼ਾਰ ਰੁਪਏ ਤੱਕ ਸਰਕਾਰ ਵੱਲੋਂ ਪ੍ਰਵਾਨਿਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਵਾ ਸਕਦੇ ਹਨ ਅਤੇ ਵਪਾਰੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਜਾਂ 100 ਫੀਸਦੀ ਅਪੰਗ ਹੋਣ ਕਾਰਣ 5 ਲੱਖ ਰੁਪਏ ਤੱਕ ਦਾ ਬੀਮਾ ਅਤੇ ਲਾਭਪਾਤਰੀ ਵਪਾਰੀ ਦੇ ਮਾਲ/ਸਮਾਨ ਦਾ ਨੁਕਸਾਨ ਹੋਣ ‘ਤੇ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਇਸ ਯੋਜਨਾ ਤਹਿਤ 4500 ਵਪਾਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲੱਗਾ ਦਿੱਤੀਆਂ ਗਈਆਂ ਹਨ ਅਤੇ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਇਸ ਉਪਰੰਤ ਉਨ੍ਹਾਂ ਨੇ ਸਮਾਗਮ ਵਾਲੀ ਜਗ੍ਹਾ ‘ਤੇ ਜਾ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
Punjab Post Daily Online Newspaper & Print Media