ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਨਾਲ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਮਾਰਚ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਮੁੱਖ ਪ੍ਰਬੰਧਕ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸ਼ਹੀਦੀ ਮਾਰਚ ਬਾਰੇ ਦੀਰਘ ਵਿਚਾਰਾਂ ਕਰਨ ਲਈ ਜਥੇਦਾਰ ਸੁੱਚਾ ਸਿੰਘ ਲੰਗਾਹ ਮੈਂਬਰ ਸ਼੍ਰੋਮਣੀ ਕਮੇਟੀ ਨਾਲ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਹੋਈ ਅਹਿਮ ਇਕੱਤਰਤਾ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਕੱਤਰਤਾ ਵਿੱਚ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ 20 ਮਈ ਨੂੰ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਜਿਸ ਵਿੱਚ ਰਾਗੀ, ਢਾਡੀ ਤੇ ਕਵੀਸ਼ਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣਗੇ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਹੀਦੀ ਮਾਰਚ 21 ਮਈ ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਤੋਂ ਸ਼ੁਰੂ ਹੋਵੇਗਾ ਜੋ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਤੋਂ ਹੁੰਦਾ ਹੋਇਆ 29 ਮਈ ਨੂੰ ਮਹਿਰੌਲੀ (ਦਿੱਲੀ) ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸ਼ਹੀਦੀ ਮਾਰਚ ਦੀ ਰੂਪ-ਰੇਖਾ ਤੇ ਸੰਗਤਾਂ ਨੂੰ ਜਾਣਕਾਰੀ ਦੇਣ ਹਿਤ 26 ਅਪ੍ਰੈਲ 2016 ਨੂੰ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਵਿਖੇ ਧਰਮ ਪ੍ਰਚਾਰ ਕਮੇਟੀ ਦੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਢਾਡੀ, ਕਵੀਸ਼ਰ, ਪ੍ਰਚਾਰਕ ਅਤੇ ਸਮੂਹ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿੱਚ ਬੁਲਾਈ ਗਈ ਹੈ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਗਜੀਤ ਸਿੰਘ ਮੀਤ ਸਕੱਤਰ ਤੇ ਸ. ਪਰਮਜੀਤ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media