ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 128 ਹੋ ਗਈ ਹੈ।23 ਅਪ੍ਰੈਲ ਨੂੰ ਰਾਤ ਦੇ 2 ਵਜੇ ਦੇ ਕਰੀਬ ਸੀ. ਟੀ/ਆਰ. ਪੀ ਐਫ ਅੰਮ੍ਰਿਤਸਰ ਸ੍ਰੀ ਮਨਿੰਦਰ ਸਿੰਘ ਵੱਲੋਂ ਲਗਭਗ 3 ਮਹੀਨੇ ਦੀ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜੋ ਕਿ ਉਨ੍ਹਾਂ ਨੂੰ ਸਟੇਸ਼ਨ ਤੋਂ ਮਿਲੀ ਸੀ।ਇਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਹੁਣ ਇਹ ਬੱਚੀ ਬਿਲਕੁਲ ਤੰਦਰੁਸਤ ਹੈ।ਇਸ ਲਈ ਇਸ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।
ਅੱਜ ਇਸ ਬੱਚੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਅਤੇ ਉਨ੍ਹਾ ਦੀ ਸੁਪਤਨੀ ਸ੍ਰੀਮਤੀ ਨਰਿੰਦਰ ਕੌਰ ਨੇ ਪੰਘੂੜੇ ਵਿਚ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਸ. ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 19 ਲੜਕੇ ਅਤੇ 109 ਲੜਕੀਆਂ ਆ ਚੁੱਕੀਆਂ ਹਨ।ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈੱਡ ਕਰਾਸ ਵੱਲੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ।ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media