Saturday, March 14, 2026

ਸਿਹਤ ਬੀਮਾ ਯੋਜਨਾ ਲਾਭਪਾਤਰੀਆਂ ਨੂੰ ਜਲਦੀ ਕਾਰਡ ਵੰਡਣ ਦੀ ਵਿਭਾਗਾਂ ਨੂੰ ਹਦਾਇਤ

PPN2405201604

ਫਾਜ਼ਿਲਕਾ, 24 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਜਰੂਰਤਮੰਦ ਲੋਕਾਂ ਤੱਕ ਬਿਨ੍ਹਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਸਬੰਧੀ 69801 ਕਾਰਡ ਜ਼ਿਲ੍ਹੇ ਵਿਚ ਪ੍ਰਾਪਤ ਹੋਏ ਸਨ ਜਿੰਨ੍ਹਾਂ ਵਿਚੋਂ 68152 ਵੰਡ ਦਿੱਤੇ ਗਏ ਹਨ ਜਦ ਕਿ ਲਗਭਗ 34 ਹਜ਼ਾਰ ਕਾਰਡ ਵੱਖ ਵੱਖ ਪਿੰਡਾਂ ਵਿਚ ਲੱਗੇ ਕੈਂਪਾਂ ਦੌਰਾਨ ਅਜਿਹੇ ਕਾਰਡ ਬਣਾ ਕੇ ਵੰਡੇ ਗਏ ਸਨ। ਇਸੇ ਹੀ ਤਰ੍ਹਾਂ ਜ਼ਿਲ੍ਹੇ ਵਿਚ ਛੋਟੇ ਵਪਾਰੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 2576 ਕਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜੇ ਫਾਰਮ ਧਾਰਕ ਕਿਸਾਨਾਂ ਨੂੰ ਵੀ ਇਸ ਸਕੀਮ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 13522 ਕਿਸਾਨਾਂ ਦੇ ਕਾਰਡ ਬਣੇ ਹਨ ਜਿੰਨ੍ਹਾਂ ਵਿਚੋਂ 12519 ਲਾਭਪਾਤਰੀ ਕਿਸਾਨਾਂ ਨੂੰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਨਾਲ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਦੇ ਕਾਰਡ ਵੰਡਣ ਸਮੇਂ ਸਬੰਧਤ ਪਰਿਵਾਰ ਦਾ ਮੋਬਾਈਲ ਨੰਬਰ ਵੀ ਲਿਆ ਜਾਵੇ। ਉਨ੍ਹਾਂ ਨੇ ਦੱਸਿਅ ਕਿ ਇਸ ਸਬੰਧੀ ਪੰਚਾਂ ਅਤੇ ਸਰਪੰਚਾਂ ਨੂੰ ਸਕੀਮ ਬਾਰੇ ਜਾਣਕਾਰੀ ਦੇਣ ਲਈ ਕਲਸਟਰ ਵਾਈਜ਼ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਨਿਯਮਤ ਤੌਰ ਤੇ ਯੋਜਨਾ ਵਿਚ ਸ਼ਾਮਲ ਕੀਤੇ ਹਸਪਤਾਲਾਂ ਦਾ ਨਿਰੀਖਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇੰਨ੍ਹਾਂ ਹਸਪਤਾਲਾਂ ਵਿਚ ਲਾਭਪਾਤਰੀਆਂ ਨੂੰ ਇਲਾਜ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਸਕੀਮ ਦਾ ਵੱਧ ਦਾ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਕੀਮ ਤਹਿਤ ਇਲਾਜ ਕਰਵਾਉਣ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇ ਤਾਂ ਸਬੰਧਤ ਵਿਅਕਤੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਵੀ ਫੋਨ ਕਰ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਐਸ.ਡੀ.ਐਮ. ਅਬੋਹਰ ਸ. ਰਾਜਪਾਲ ਸਿੰਘ, ਸਿਵਲ ਸਰਜਨ ਡਾ.ਜਗਪਾਲ ਸਿੰਘ ਬਾਸੀ, ਡੀ.ਐਫ.ਐਸ.ਸੀ. ਸ.ਹਰਸ਼ਰਨਜੀਤ ਸਿੰਘ ਬਰਾੜ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply