ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਅੰਮ੍ਰਿਤਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਭਾਈ ਸੁਖਚੈਨ ਸਿੰਘ ਨੇ ਲਿਆ। ਉਪਰੰਤ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਬੀਰ ਰਸੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਪਾਵਨ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ ਸਵੇਰੇ 8-30 ਤੋਂ 12-00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਗ੍ਰੰਥੀ ਭਾਈ ਬਲਜੋਧ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪਿਤਾ ਸ੍ਰੀ ਗੁਰੁ ਅਰਜਨ ਦੇਵ ਜੀ, ਮਾਤਾ ਗੰਗਾ ਜੀ ਦੇ ਗ੍ਰਹਿ ਵਿਖੇ 21 ਹਾੜ, ਸੰਮਤ 1652 ਬਿਕ੍ਰਮੀ ਨੂੰ ‘ਗੁਰੂ ਕੀ ਵਡਾਲੀ’ ਨਗਰ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ।ਆਪ ਜੀ 29 ਜੇਠ, ਸੰਮਤ 1663 ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਪਾਵਨ ਗੁਰਗੱਦੀ ‘ਤੇ ਬਿਰਾਜਮਾਨ ਹੋਏ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਕ੍ਰਿਪਾਨਾਂ ਪਹਿਨ ਕੇ ਸਿੱਖ ਧਰਮ ਵਿੱਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੂੰ ਪੱਕਿਆਂ ਕੀਤਾ। ਗੁਰੁ ਸਾਹਿਬ ਨੇ ਜ਼ਾਲਮ ਤੇ ਜਰਵਾਣਿਆਂ ਦਾ ਟਾਕਰਾ ਕਰਨ ਲਈ ਗੁਰਸਿੱਖਾਂ ਨੂੰ ਸਾਹਸ (ਬਲ) ਬਖਸ਼ਿਆ। ਆਪ ਜੀ ਨੇ ਜ਼ਬਰ ਤੇ ਜ਼ੁਲਮ ਖਿਲਾਫ਼ ਯੁੱਧ ਕਰਕੇ ਜ਼ਾਲਮਾਂ ਤੇ ਜਰਵਾਣਿਆਂ ਨੂੰ ਚਾਰ ਵੱਡੀਆਂ ਜੰਗਾਂ ਵਿੱਚ ਮਾਤ ਦਿੱਤੀ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਦੱਸ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਤੇ ਚੱਲਦੇ ਹੋਏ ਬਾਣੀ, ਬਾਣੇ ਤੇ ਸ਼ਸਤਰ ਵਿਦਿਆ ਵਿੱਚ ਪ੍ਰਪੱਕ ਹੋਣਾ ਚਾਹੀਦਾ ਹੈ।
ਇਸੇ ਦਿਨ ਨੂੰ ਸਮਰਪਿਤ ਬੀਬੀ ਕੌਲਾਂ ਜੀ (ਕੌਲਸਰ) ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਵੇਰੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸ਼ਾਮ 3-00 ਤੋਂ ਰਾਤ 11-00 ਵਜੇ ਤੀਕ ਉਕਤ ਸਥਾਨ ਪੁਰ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲੇ ਤੇ ਬਾਬਾ ਸੁਖਦੇਵ ਸਿੰਘ ਡੇਰਾ ਰੂੰਮੀ ਭੁੱਚੋ ਕਲਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।
ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ, ਬੀਬੀ ਪਰਮਜੀਤ ਕੌਰ ਤੇ ਬੀਬੀ ਹਰਵੀਨ ਕੌਰ, ਭਾਈ ਕੁਲਦੀਪ ਸਿੰਘ ਡੇਹਰਾਦੂਨ, ਭਾਈ ਰਜਿੰਦਰਪਾਲ ਸਿੰਘ ਖਾਲਸਾ ਲੁਧਿਆਣਾ, ਭਾਈ ਸਰਬਜੀਤ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਤੇ ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਹੋਵੇਗੀ ਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ। ਇਸ ਮੌਕੇ ਸ: ਸੁਲੱਖਣ ਸਿੰਘ, ਸ: ਗੁਰਵਿੰਦਰ ਸਿੰਘ, ਸ: ਰਘਬੀਰ ਸਿੰਘ ਮੰਡ ਮੈਨੇਜਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਸੁਖਬੀਰ ਸਿੰਘ, ਸ: ਸੁਖਰਾਜ ਸਿੰਘ ਸ: ਗੁਰਾ ਸਿੰਘ , ਸ: ਗੁਰਮੀਤ ਸਿੰਘ ਤੇ ਸ: ਸਤਨਾਮ ਸਿੰਘ ਮਾਂਗਾਸਰਾਏਂ ਵਧੀਕ ਮੈਨੇਜਰ, ਸ: ਗੁਰਮੀਤ ਸਿੰਘ ਤੇ ਸ: ਭੂਪਿੰਦਰ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਤੇਜਿੰਦਰ ਐਡੀ: ਚੀਫ਼ ਗੁਰਦੁਆਰਾ ਇੰਸਪੈਕਟਰ, ਸ: ਰੇਸ਼ਮ ਸਿੰਘ ਤੇ ਸ: ਯੁਵਰਾਜ ਸਿੰਘ ਗੁਰਦੁਆਰਾ ਇੰਸਪੈਕਟਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media