
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਸੇਵਕ ਸਭਾ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ਨਗਰ ਕੀਰਤਨ 19 ਜੂਨ ਦਿਨ ਐਤਵਾਰ ਸਵੇਰੇ 7:00 ਵਜੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਤੋਂ ਬੀੜ ਬਾਬਾ ਬੁੱਢਾ ਸਾਹਿਬ ਤੱਕ ਕੱਢਿਆ ਜਾਵੇਗਾ।
ਇਸ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਗ੍ਰਹਿ ਵਿਖੇ ਅੱਜ ਸੇਵਕ ਸਭਾ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜਨਮ ਪੁਰਬ ਨੂੰ ਸਮਰਪਿਤ 19 ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁ: ਜਨਮ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 20 ਤੋਂ 21 ਜੂਨ ਸ਼ਾਮ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਨਾਮਵਰ ਕਥਾਵਾਚਕ, ਕੀਰਤਨੀ, ਢਾਡੀ ਜਥੇ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ।
ਉਨ੍ਹਾਂ ਕਿਹਾ ਉਕਤ 3 ਰੋਜ਼ਾ ਸਮਾਗਮ ਦੌਰਾਨ ਲਘੂ ਉਦਯੋਗ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਸ: ਰਜਿੰਦਰ ਮੋਹਨ ਸਿੰਘ ਛੀਨਾ, ਜਥੇ: ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਵਾਲੇ, ਬਾਬਾ ਮਹਿੰਦਰ ਸਿੰਘ ਦਿੱਲੀ ਵਾਲੇ, ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲੇ, ਬਾਬਾ ਸੁਬੇਗ ਸਿੰਘ ਗੋਇੰਦਵਾਲ, ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲੇ ਤੇ ਹੋਰ ਸਮਾਜਿਕ, ਧਾਰਮਿਕ, ਰਾਜਨੀਤਿਕ, ਜਥੇਬੰਦੀਆਂ ਦੇ ਆਗੂ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਉਣਗੇ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਵਸਤੂਆਂ ਦੇ ਦਰਸ਼ਨ ਕਰਵਾਏ ਜਾਣਗੇ।21 ਜੂਨ ਨੂੰ ਸਹਾਰਾ ਸਪੋਰਟਸ ਕਲੱਬ ਗੁਰੂ ਕੀ ਵਡਾਲੀ ਅਤੇ ਸਕੱਤਰ ਸਿੰਘ ਬੱਬੂ ਦੇ ਸਹਿਯੋਗ ਨਾਲ ਪੰਜਾਬ ਪੱਧਰ ਦੀਆਂ ਕਬੱਡੀ ਟੀਮਾਂ ਵਿਚਕਾਰ ਸ਼ੋਅ ਮੈਚ ਹੋਣਗੇ। ਇਸ ਮੌਕੇ ਸ: ਬਲਜੀਤ ਸਿੰਘ, ਸ: ਇੰਦਰਜੀਤ ਸਿੰਘ, ਸ: ਜਗਤਾਰ ਸਿੰਘ ਸ਼ਹੂਰਾ, ਸ: ਧਰਮ ਸਿੰਘ ਆਦਿ ਮੌਜ਼ੂਦ ਸਨ।
Punjab Post Daily Online Newspaper & Print Media