Sunday, March 15, 2026

ਰੱਖੜਾ, ਰਣੀਕੇ ਅਤੇ ਜੋਸ਼ੀ ਵੱਲੋਂ ਆਈ. ਆਈ. ਐਮ ਦੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

PPN1306201605

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅੰਮ੍ਰਿਤਸਰ ਦੇ ਮਾਨਾਵਾਲਾ ਵਿਖੇ ਇਕ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਨੀਂਹ ਪੱਥਰ 19 ਜੂਨ ਨੂੰ ਰੱਖਣਗੇ। ਇਸ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਥਾਨਕ ਲੀਡਰਸ਼ਿਪ ਅਤੇ ਅਧਿਕਾਰੀਆਂ ਨਾਲ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਅਤੇ ਮਾਨਾਵਾਲਾ ਵਿਖੇ ਸਮਾਗਮ ਵਾਲੇ ਸਥਾਨ ਦਾ ਦੌਰਾ ਕਰਕੇ ਸਮਾਗਮ ਦੀ ਰੂਪ-ਰੇਖਾ ਉਲੀਕਦਿਆਂ ਅਧਿਕਾਰੀਆਂ ਨੂੰ ਸਮਾਗਮ ਦੀ ਕਾਮਯਾਬੀ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦੀ ਇਹ ਸੰਸਥਾ ਗੁਰੂ ਨਗਰੀ ਵਿਚ ਸਥਾਪਿਤ ਹੋ ਰਹੀ ਹੈ ਜਿਸ ਨਾਲ ਉਚੇਰੀ ਸਿੱਖਿਆ ਦੇ ਖੇਤਰ ਨੂੰ ਇਕ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਆਲਮੀ ਪੱਧਰ ‘ਤੇ ਹੋ ਰਹੇ ਵਿੱਤੀ ਬਦਲਾਅ ਦੇ ਇਸ ਦੌਰ ਵਿਚ ਅਜਿਹੇ ਸੰਸਥਾਨਾਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਵਪਾਰ ਅਤੇ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਸ. ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰੇ। ਇਸੇ ਲਈ ਸੂਬੇ ਵਿਚ 11 ਨਵੇਂ ਕਾਲਜਾਂ ਤੋਂ ਇਲਾਵਾ 2 ਪ੍ਰੋਫੈਸ਼ਨਲ ਕਾਲਜ ਖੋਲ੍ਹੇ ਗਏ ਹਨ।
ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਸ੍ਰੀ ਅਨਿਲ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਇਸ ਵੱਕਾਰੀ ਸੰਸਥਾ ਦੀ ਸਥਾਪਨਾ ਨਾਲ ਜਿਥੇ ਅੰਮ੍ਰਿਤਸਰ ਸਿੱਖਿਆ ਦੇ ਹੱਬ ਵਜੋਂ ਉਭਰੇਗਾ ਉਥੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਤਿੰਨਾਂ ਮੰਤਰੀਆਂ ਨੇ ਇਹ ਸੰਸਥਾ ਪੰਜਾਬ ਨੂੰ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਧੰਨਵਾਦ ਕੀਤਾ ਅਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣੀਆਂ ਡਿਊਟੀਆਂ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਇਸ ਮੌਕੇ ਦੱਸਿਆ ਕਿ ਇਸ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਆਰੰਭ ਦਿੱਤੀਆਂ ਗਈਆਂ ਹਨ, ਜਿਸ ਤਹਿਤ ਸਟੇਜਾਂ, ਵੀ. ਵੀ. ਆਈ ਪੀਜ਼ ਅਤੇ 10 ਹਜ਼ਾਰ ਦੇ ਕਰੀਬ ਆਮ ਲੋਕਾਂ ਦੇ ਬੈਠਣ, ਟੈਂਟ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ, ਵਾਹਨਾਂ ਲਈ ਵੱਖ-ਵੱਖ ਪਾਰਕਿੰਗਾਂ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਮਾਗਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਮੌਕੇ ਐਸ. ਐਸ. ਪੀ ਸ੍ਰੀ ਜਸਦੀਪ ਸਿੰਘ ਨੇ ਸਮਾਗਮ ਮੌਕੇ ਅਹਿਮ ਹਸਤੀਆਂ ਅਤੇ ਲੋਕਾਂ ਦੀ ਸੁਰੱਖਿਆ ਤੋਂ ਇਲਾਵਾ ਸਮਾਗਮ ਵਾਲੇ ਸਥਾਨ ‘ਤੇ ਲੋਕਾਂ ਦੇ ਆ-ਜਾ ਸਕਣ ਦੇ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ. ਬਲਜੀਤ ਸਿੰਘ ਜਲਾਲਉਸਮਾ, ਅਕਾਲੀ ਦਲ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਜ਼ਿਲ੍ਹਾ ਭਾਜਪਾ ਪ੍ਰਧਾਨ ਐਡਵੋਕੇਟ ਹਨੀ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰੀ ਨਵਦੀਪ ਸਿੰਘ ਗੋਲਡੀ, ਪ੍ਰਮੁੱਖ ਸਕੱਤਰ ਸ੍ਰੀ ਰੌਸ਼ਨ ਸੁੰਕਾਰੀਆ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ ਸੈਣੀ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਸ. ਅਜੈਬ ਸਿੰਘ ਬਰਾੜ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply