ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਹਾਰ ‘ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗਲਵਾਰ 21, ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ।ਉਪਰੰਤ ਭਾਈ ਨਿਰਮਲ ਸਿੰਘ (ਗੁ. ਸੀਸਗੰਜ ਸਾਹਿਬ) ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰ-ਸ਼ਬਦ ਦੀ ਕੱਥਾ ਕਰਨਗੇ। ਸ. ਰਾਣਾ ਨੇ ਦਸਿਆ ਕਿ ਕੱਥਾ ਤੋਂ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਰਸ਼ਨ ਸਿੰਘ ਨਿਰਮਲ, ਤੇ ਭਾਈ ਕੁਲਵੰਤ ਸਿੰਘ ਪ੍ਰਭਾਤ, ਭਾਈ ਜਸਕਰਨ ਸਿੰਘ (ਪਟਿਆਲਾ), ਭਾਈ ਗਗਨਦੀਪ ਸਿੰਘ (ਸ੍ਰੀ ਨਗਰ) ਅਤੇ ਗੁਰਬਾਣੀ ਵਿਰਸਾ ਸੰਭਾਲ ਇਸਤਰੀ ਸਤਿ ਸੰਗ ਸਭਾ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਗੁ. ਸੀਸਸਗੰਜ ਸਾਹਿਬ ਦੇ ਹਜ਼ੂਰੀ ਢਾਡੀ, ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਮੁਖ ਕਵੀ ਗੁਰੂ ਸਾਹਿਬ ਦੇ ਜੀਵਨ ਕਾਰਜਾਂ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਬਾਬਾ ਬਚਨ ਸਿੰਘ (ਕਾਰ ਸੇਵਾ) ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media