ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਜਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਅੱਜ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਇਕ ਵਿਸੇਸ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰ ਕਲਾਂ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਸ. ਜਸਵੰਤ ਸਿੰਘ ਢਿੱਲੋਂ ਜਿਲ੍ਹਾ ਟ੍ਰਾਂਸਪੋਰਟ ਅਫਸਰ, ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜਰ ਸਨ।
ਡਿਪਟੀ ਕਮਿਸਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡਾਇਰੀਆ ਤੋਂ ਜਾਗਰੁਕ ਕਰਨ ਲਈ 11 ਜੁਲਾਈ ਤੋਂ 23 ਜੁਲਾਈ ਤੱਕ ਜਿਲ੍ਹਾ ਪਠਾਨਕੋਟ ਅੰਦਰ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਆਸ਼ਾਵਰਕਰਾਂ, ਆਂਗਨਵਾੜੀ ਅਤੇ ਨਰਸਿੰਗ ਸਟਾਫ ਦੇ ਸਹਿਯੋਗ ਨਾਲ ਡੋਰ ਟੂ ਡੋਰ ਜਾ ਕੇ ਜੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਡਾੲਰੀਆਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਓ.ਆਰ.ਐਸ. ਦੇ ਪੈਕਟ ਵੰਡੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ/ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਨੂੰ ਡਾੲਰੀਆ ਤੋਂ ਬਚਾਓ ਦੇ ਨਾਲ ਨਾਲ ਇਹ ਵੀ ਸ੍ਰਵੇ ਕਰਨ ਕੀ 0 ਤੋਂ ਪੰਜ ਸਾਲ ਦੇ ਬੱਚਿਆਂ ਦੇ ਅਧਾਰ ਕਾਰਡ ਬਣੇ ਹਨ ਜਾ ਨਹੀਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਦੂਰ ਦੂਰਾਡੇ ਦੇ ਲੋਕਾਂ ਤੱਕ ਪਹੁੰਚਾਉਣ । ਉਨ੍ਹਾਂ ਕਿਹਾ ਕਿ ਜੱਚਾ-ਬੱਚਾਂ ਦੀ ਸਿਹਤ ਸੰਭਾਲ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਭਲਾਈ ਸਕੀਮ ਅਧੀਨ ਦਿੱਤੀ ਜਾਣ ਵਾਲੀ ਪੋਸਟਿਕ ਖੂਰਾਕ ਉਨ੍ਹਾਂ ਤੱਕ ਪਹੁੰਚਾਈ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪੜਦੇ ਬੱਚਿਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਹਰ ਮਹੀਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰ ਕੇ ਡੈਟਾਬੇਸ ਰਿਪੋਰਟ ਤਿਆਰ ਕੀਤੀ ਜਾਵੇ।
ਇਸ ਤੋਂ ਪਹਿਲਾ ਡਿਪਟੀ ਕਮਿਸਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟ੍ਰੇਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਜਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੋ ਹੈਲਮੇਟ ਨੋ ਪੈਟਰੋਲ ਨੂੰ ਜਿਲ੍ਹੇ ਅੰਦਰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ ਅਤੇ ਵਿਸੇਸ ਨਾਕੇ ਲਗਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ। ਉਨ੍ਹਾਂ ਨੇ ਇਸ ਮੋਕੇ ਜਿਲ੍ਹਾ ਮਾਲ ਅਧਿਕਾਰੀਆਂ, ਮਾਈਨਿੰਗ ਅਫਸਰਾਂ ਅਤੇ ਸੁਵਿਧਾ ਸੈਂਟਰ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਅਤੇ ਇਨ੍ਹਾਂ ਵਿਭਾਗਾਂ ਵੱਲੋਂ ਕੀਤੀ ਗਈ ਕਾਰਗੁਜਾਰੀ ਦੀ ਪ੍ਰਗਤੀ ਦਾ ਜਾਇਜਾ ਲਿਆ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media