
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਨਾਲ ਸਬੰਧਿਤ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ। ਇਸ ਦੌਰਾਨ ਮੈਂਬਰਾਂ ਨੇ ਪੈਨਸ਼ਨ ਅਤੇ ਸ਼ਗਨ ਸਕੀਮ ਸਬੰਧੀ ਦਰਪੇਸ਼ ਮੁਸ਼ਕਿਲਾਂ ਅਤੇ ਹੋਰਨਾਂ ਮਸਲਿਆਂ ਵੱਲ ਧਿਆਨ ਦਿਵਾਇਆ।
ਸ. ਸੰਧੂ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਕ ਅਹਿਮ ਲੋਕ ਪੱਖੀ ਫੈਸਲੇ ਤਹਿਤ ਪੈਨਸ਼ਨਾਂ ਦੀ ਪ੍ਰਕਿਰਿਆ ਨੂੰ ਸੁਖ਼ਾਲਾ ਅਤੇ ਪਾਰਦਰਸ਼ੀ ਕਰ ਦਿੱਤਾ ਹੈ ਅਤੇ ਇਹ ਹੁਣ ਮੁੜ ਪੰਚਾਇਤਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ ਲਾਭਪਾਤਰੀਆਂ ਦੀ ਮੁਢਲੀ ਜਾਣਕਾਰੀ ਤੋਂ ਇਲਾਵਾ ਆਧਾਰ ਕਾਰਡ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ ਸ਼ਾਮਿਲ ਕੀਤਾ ਜਾਣਾ ਹੈ। ਜਿਨ੍ਹਾਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੀ ਸੂਚਨਾ ਹਾਲੇ ਤੱਕ ਆਪਣੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂੰ ਨਹੀਂ ਦਿੱਤੀ, ਉਹ ਤੁਰੰਤ ਆਪਣੇ ਬਲਾਕ ਨਾਲ ਸਬੰਧਤ ਸੀ. ਡੀ. ਪੀ. ਓ ਦਫ਼ਤਰ ਜਮ੍ਹਾ ਕਰਵਾਉਣ ਤਾਂ ਜੋ ਪੈਨਸ਼ਨ ਦੀ ਅਦਾਇਗੀ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਲਾਭਪਾਤਰੀ ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਵੀ ਤਾਲਮੇਲ ਕਰ ਸਕਦੇ ਹਨ।
ਸ. ਸੰਧੂ ਨੇ ਇਹ ਵੀ ਦੱਸਿਆ ਕਿ ਨਵੀਂ ਪੈਨਸ਼ਨ ਲਗਾਉਣ ਲਈ ਜਿਹੜੇ ਬਿਨੈਕਾਰ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ, ਉਹ ਆਪਣੀ ਅਰਜ਼ੀ ਸਿੱਧੇ ਤੌਰ ‘ਤੇ ਸਬੰਧਤ ਐਸ. ਡੀ. ਐਮ ਦਫ਼ਤਰ ਨੂੰ ਦੇ ਸਕਦੇ ਹਨ, ਜਿਥੇ ਐਸ. ਡੀ. ਐਮ ਵੱਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਆਰਜ਼ੀ ਪੈਨਸ਼ਨ ਮਨਜ਼ੂਰ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ 1 ਅਪ੍ਰੈਲ 2009 ਤੋਂ 31 ਮਾਰਚ 2016 ਤੱਕ ਦੇ ਸ਼ਗਨ ਸਕੀਮ ਦੇ ਉਹ ਯੋਗ ਮਾਮਲਿਆਂ ਨੂੰ ਮੁੜ ਵਿਚਾਰ ਕੇ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਲਗਭਗ 30 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ 45 ਕਰੋੜ ਰੁਪਏ ਦੀ ਰਾਸ਼ੀ ਸ਼ਗਨ ਸਕੀਮ ਅਧੀਨ ਵੰਡੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਦਿਵਾਇਆ ਕਿ ਮੈਂਬਰਾਂ ਵੱਲੋਂ ਉਠਾਏ ਹੋਰਨਾਂ ਮਸਲਿਆਂ ਦੇ ਹੱਲ ਅਤੇ ਦਿੱਤੇ ਗਏ ਸੁਝਾਵਾਂ ਨੂੰ ਅਮਲੀ ਰੂਪ ਦੇਣ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਐਨ ਐਸ ਪੰਨੂੰ, ਤਹਿਸੀਲ ਭਲਾਈ ਅਫ਼ਸਰ ਰਾਜਨਦੀਪ ਸਿੰਘ, ਦੀਪਕ ਕੁਮਾਰ, ਰਾਜੇਸ਼ ਰੈਣਾ, ਸਿਕੰਦਰ ਚੌਹਾਨ, ਮੋਹਨ ਲਾਲ ਸ਼ਰਮਾ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media