ਬਟਾਲਾ, 27 ਜੁਲਾਈ ( ਨਰਿੰਦਰ ਬਰਨਾਲ ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਸਿਰਫ ਪੱਤਾ ਰੰਗ ਚਾਰਟ ਅਨੁਸਾਰ ਕਰਨੀ ਚਾਹੀਦੀ ਹੈ ਤਾਂ ਜੋ ਲੋੜ ਅਨੁਸਾਰ ਖਾਦਾਂ ਪਾ ਕੇ ਲਾਗਤ ਨੂੰ ਘੱਟ ਕੀਤਾ ਜਾ ਸਕੇ। ਪੱਤਾ ਚਾਰਟ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਖੇਤੀਬਾੜੀ ਮਾਹਿਰ ਡਾ. ਪਰਮਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਝੋਨੇ ਦੀ ਲੁਆਈ ਸਮੇਂ 25 ਕਿੱਲੋ ਯੂਰੀਆ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਨੀਰੀ ਲਾਉਣ ਤੋਂ 14 ਦਿਨ ਬਾਅਦ ਹਰ 7 ਤੋਂ 10 ਦਿਨ ਦੇ ਵਕਫੇ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਅਨੁਸਾਰ ਮਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਹਰ ਵਾਰ ਖੇਤ ਵਿੱਚ ਦਸ ਪੌਦਿਆਂ ਦੇ ਉਪਰੋਂ ਪੂਰੇ ਖੁੱਲੇ ਪਹਿਲੇ ਪੱਤੇ ਦਾ ਰੰਗ ਪੌਦੇ ਨਾਲੋਂ ਤੋੜੇ ਬਿਨਾਂ ਚਾਰਟ ਨਾਲ ਮਿਲਾਉਣਾ ਚਾਹੀਦਾ ਹੈ। ਡਾ. ਕਾਹਲੋਂ ਨੇ ਕਿਹਾ ਕਿ ਜੇਕਰ ਦਸ ਵਿਚੋਂ ਛੇ ਜਾਂ ਵੱਧ ਪੱਤਿਆਂ ਦਾ ਰੰਗ ਚਾਰਟ ਦੀ ਟਿੱਕੀ ਨੰਬਰ 4 ਤੋਂ ਫਿੱਕਾ ਹੋਵੇ ਤਾਂ 25 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਛੱਟਾ ਦਿਓ ਅਤੇ ਜੇਕਰ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ 4 ਦੇ ਬਰਾਬਰ ਜਾਂ ਗੂੜਾ ਹੋਵੇ ਤਾਂ ਹੋਰ ਯੂਰੀਆਂ ਪਾਉਣ ਦੀ ਲੋੜ ਨਹੀਂ ਰਹਿੰਦੀ। ਝੋਨੇ ਦੀ ਫ਼ਸਲ ਨਿਸਰਣ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਰਹਿੰਦੀ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ।
ਖੇਤੀਬਾੜੀ ਮਾਹਿਰ ਡਾ. ਕਾਹਲੋਂ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਲਈ ਉਹਨਾਂ ਦੱਸਿਆ ਕਿ ਬਿਜਾਈ ਸਮੇਂ ਫ਼ਸਲ ਨੂੰ 25 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ। ਬਿਜਾਈ ਤੋਂ 21 ਦਿਨ ਬਾਅਦ 10-10 ਦਿਨ ਦੇ ਵਕਫੇ ਤੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਨਾਲ ਮਿਲਾਉਣਾ ਸ਼ੁਰੂ ਕਰ ਦਿਓ। ਝੋਨੇ ਦੀ ਤਰਾਂ ਹੀ ਦਸ ਪੌਦਿਆਂ ਦੇ ਉਪਰੋਂ ਪੂਰੇ ਖੁੱਲੇ ਪਹਿਲੇ ਪੱਤੇ ਦਾ ਰੰਗ ਪੌਦੇ ਨਾਲੋਂ ਤੋੜੇ ਬਿਨਾਂ ਚਾਰਟ ਨਾਲ ਮਿਲਾਉਣਾ ਚਾਹੀਦਾ ਹੈ। ਮੱਕੀ ਦੀ ਫ਼ਸਲ ਲਈ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ 5 ਦੇਖਣੀ ਚਾਹੀਦੀ ਹੈ। ਮੱਕੀ ਦੇ ਸੂਤ ਕੱਤਣ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਦੀ ਲੋੜ ਨਹੀਂ ਰਹਿੰਦੀ ਅਤੇ ਹੋਰ ਖਾਦ ਨਹੀਂ ਪਾਉਣੀ ਚਾਹੀਦੀ। ਕਿਸਾਨ ਵੀਰ ਇਸ ਗਲ ਦਾ ਧਿਆਨ ਰੱਖਣ ਕਿ ਪੱਤਾ ਰੰਗ ਚਾਰਟ ਨਾਲ ਪੱਤੇ ਦਾ ਰੰਗ ਆਪਣੇ ਪਰਛਾਵੇਂ ਵਿੱਚ ਜਾਂ ਛਾਂ ਵਿਚ ਮਿਲਾਉਣਾ ਚਾਹੀਦਾ ਹੈ।
ਡਾ. ਕਾਹਲੋਂ ਨੇ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦੇ ਕੇ ਕਿਹਾ ਕਿ ਜਿਨੀਆਂ ਰਸਾਇਣਕ ਖਾਦਾਂ ਦੀ ਵਰਤੋਂ ਆਪਾਂ ਵਧੇਰੇ ਕਰਦੇ ਹਾਂ ਉਸਦਾ ਫ਼ਸਲ ਨੂੰ ਕੋਈ ਲਾਭ ਨਹੀਂ ਹੁੰਦਾ ਪਰ ਭੂਮੀ ਦੀ ਸਿਹਤ ਅਤੇ ਵਾਤਾਵਰਣ ਉਤੇ ਬਹੁਤ ਬੁਰਾ ਅਸਰ ਪੈਂਦਾ ਹੈ। ਉਹਨਾਂ ਕਿਹਾ ਕਿ ਫਾਲਤੂ ਪਾਈਆਂ ਖਾਦਾਂ ਮੀਂਹ ਅਤੇ ਸਿੰਚਾਈ ਵਾਲੇ ਪਾਣੀ ਵਿੱਚ ਘੁਲ ਕੇ ਜ਼ਮੀਨ ਹੇਠਲੇ ਪਾਣੀ ਨੂੰ ਦੂਸ਼ਤ ਕਰ ਦਿੰਦੀਆਂ ਹਨ। ਡਾ. ਕਾਹਲੋਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਫ਼ਸਲਾਂ ਵਿੱਚ ਖਾਦਾਂ ਦੀ ਸਹੀ ਮਾਤਰਾ ਪਾਉਣ ਲਈ ਪੱਤਾ ਚਾਰਟ ਨੂੰ ਜਰੂਰ ਅਪਨਾਉਣ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media