ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 22 ਜਨਵਰੀ 2017 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਸ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
Check Also
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ‘ਚ ਪਹਿਲਾ ਹਾਸਲ ਕੀਤਾ ਸਥਾਨ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ …
Punjab Post Daily Online Newspaper & Print Media