Sunday, October 4, 2026

ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਕੀਤਾ ਜਾਵੇ ਇਲਾਜ਼ ਡੀ.ਸੀ

PPN2707201610ਫਾਜ਼ਿਲਕਾ, 27 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਸਰਕਾਰੀ ਹਸਪਤਾਲਾਂ ਵਿਚ ਮਰੀਜਾਂ ਦਾ ਬੇਹਤਰ ਤਰੀਕੇ ਨਾਲ ਇਲਾਜ ਕਰਨ ਅਤੇ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਦਰ ਨੂੰ ਵਧਾਇਆ ਜਾਵੇ ਅਤੇ ਜਣੇਪੇ ਦੇ ਵੱਧ ਤੋਂ ਵੱਧ ਕੇਸ ਹਸਪਤਾਲਾਂ ਵਿਚ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਜੱਚਾ – ਬੱਚਾ ਮੌਤ ਦਰ ਨੂੰ ਘਟਾਉਣਾ ਹੈ ਤਾਂ ਕਿ ਜਣੇਪੇ ਦੌਰਾਨ ਕਿਸੇ ਵੀ ਔਰਤ ਅਤੇ ਬੱਚੇ ਦੀ ਮੌਤ ਨਾ ਹੋਵੇ ਅਤੇ ਉਸ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਜ਼ਿਲ੍ਹੇ ਵਿਚ ਚੱਲ ਰਹੇ ਅਲਟਰਾਸਾਂਊਡ ਸੈਂਟਰਾਂ ਦੀ ਚੈਕਿੰਗ ਕੀਤੀ ਜਾਵੇ ਤਾਂ ਜੋ ਲਿੰਗ ਜਾਂਚ ਵਰਗੇ ਅਪਰਾਧ ਨੂੰ ਰੋਕਿਆ ਜਾ ਸਕੇ।
ਜ਼ਿਲ੍ਹਾ ਸਿਹਤ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਤਪਾਦਿਕ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ 158 ਟੀ.ਬੀ. ਦੀ ਬਿਮਾਰੀ ਵਾਲੇ ਮਰੀਜਾਂ ਦਾ ਡੌਟ ਤੇ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੇ 70 ਸੈਂਪਲ ਭਰੇ ਗਏ ਹਨ। ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਰਾਸ਼ਟਰੀ ਬਾਲ ਸਵਸਥਯ ਪ੍ਰੋਗਰਾਮ ਤਹਿਤ 160 ਸਕੂਲਾਂ ਵਿਚ ਚੈਕਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪਿੰਡਾਂ ਤੱਕ ਪਰਿਵਾਰ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਵਿਚ 840 ਆਸ਼ਾ ਵਰਕਰ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹੇ ਦੇ 373 ਪਿੰਡਾਂ ਵਿਚ ਪਿੰਡ ਹੈਲਥ ਅਤੇ ਸੈਨੀਟੇਸ਼ਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸਬੰਧੀ ਜਾਗੂਰਕ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਬਣਾਈਆਂ ਗਈਆਂ ਇੰਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਟਰੇਂਡ ਦਾਈਆਂ ਕੋਲੋਂ ਜਣੇਪੇ ਦੇ ਕੇਸ ਨਾ ਕਰਵਾਏ ਜਾਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅਬੋਹਰ ਸ. ਅਮਰਜੀਤ ਸਿੰਘ, ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ, ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀ ਰਾਜੇਸ਼ ਖੁੰਗਰ, ਮਾਸ ਮੀਡੀਆ ਅਫ਼ਸਰ ਅਨਿਲ ਧਾਮੂ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply