ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ। ਸ. ਸੰਧੂ ਨੇ ਇਸ ਮੌਕੇ ਬੈਂਕ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀ ਦਾ ਆਧਾਰ ਨੰਬਰ ਅਤੇ ਬੈਂਕ ਖਾਤੇ ਸਬੰਧੀ ਸੂਚਨਾ ਇਕੱਤਰ ਕੀਤੀ ਜਾਵੇ ਅਤੇ ਇਹ ਸੂਚਨਾ 15 ਅਗਸਤ ਤੱਕ ਮੁਕੰਮਲ ਕੀਤੀ ਜਾਣੀ ਹੈ। ਉਨ੍ਹਾਂ ਇਸ ਕੰਮ ਲਈ ਬੈਂਕ ਅਧਿਕਾਰੀਆਂ ਤੋਂ ਸਹਿਯੋਗ ਦੀ ਮੰਗ ਕੀਤੀ।
ਸ. ਸੰਧੂ ਨੇ ਇਸ ਮੌਕੇ ਦੱਸਿਆ ਕਿ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਵਿਸ਼ੇਸ਼ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ ਲਾਭਪਾਤਰੀਆਂ ਦੀ ਮੁਢਲੀ ਜਾਣਕਾਰੀ ਤੋਂ ਇਲਾਵਾ ਆਧਾਰ ਕਾਰਡ ਅਤੇ ਉਨ੍ਹਾਂ ਦਾ ਮੋਬਾਈਲ ਨੰਬਰ ਸ਼ਾਮਿਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੀ ਸੂਚਨਾ ਹਾਲੇ ਤੱਕ ਆਪਣੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂੰ ਨਹੀਂ ਦਿੱਤੀ, ਉਹ ਤੁਰੰਤ ਆਪਣੇ ਬਲਾਕ ਨਾਲ ਸਬੰਧਤ ਸੀ. ਡੀ. ਪੀ. ਓ ਦਫ਼ਤਰ ਜਮ੍ਹਾ ਕਰਵਾਉਣ ਤਾਂ ਜੋ ਪੈਨਸ਼ਨ ਦੀ ਅਦਾਇਗੀ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਲਾਭਪਾਤਰੀ ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਵੀ ਤਾਲਮੇਲ ਕਰ ਸਕਦੇ ਹਨ। ਸ. ਸੰਧੂ ਨੇ ਇਹ ਵੀ ਦੱਸਿਆ ਕਿ ਨਵੀਂ ਪੈਨਸ਼ਨ ਲਗਾਉਣ ਲਈ ਜਿਹੜੇ ਬਿਨੈਕਾਰ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ, ਉਹ ਆਪਣੀ ਅਰਜ਼ੀ ਸਿੱਧੇ ਤੌਰ ‘ਤੇ ਸਬੰਧਤ ਐਸ. ਡੀ. ਐਮ ਦਫ਼ਤਰ ਨੂੰ ਦੇ ਸਕਦੇ ਹਨ, ਜਿਥੇ ਐਸ. ਡੀ. ਐਮ ਵੱਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਆਰਜ਼ੀ ਪੈਨਸ਼ਨ ਮਨਜ਼ੂਰ ਕੀਤੀ ਜਾਵੇਗੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media