ਬਾਬਾ ਬਕਾਲਾ, 12 ਅਗਸਤ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਹ ਅੱਜ 18 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਸੰਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹੋਏ ਸਨ। ਪਾਰਟੀ ਵਰਕਰਾਂ ਨੂੰ ਮੁਖਾਤਿਬ ਹੁੰਦੇ ਉਹਨਾਂ ਨੇ ਕਿਹਾ ਕਿ ਕੁੱਝ ਲੋਕ ਪੰਜਾਬ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ, ਪਰ ਸ੍ਰੋਮਣੀ ਅਕਾਲੀ ਦਲ ਪੰਜਾਬ ਨੂੰ ਕਦਾਚਿਤ ਬਦਨਾਮ ਨਹੀਂ ਹੋਣ ਦੇਵੇਗਾ ਅਤੇ ਅਜਿਹੀਆਂ ਤਾਕਤਾਂ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ। ਉਹਨਾਂ ਨੇ 18 ਅਗਸਤ ਦੀ ਰੈਲੀ ਮੌਕੇ ਵੱਡਾ ਇਕੱਠ ਕਰਨ ਲਈ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਕੋਈ ਘਰ ਨਾ ਰਹਿਣ ਦੇਣ, ਜਿੱਥੇ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਦਸਤਕ ਨਾ ਦੇਣ। ਉਹਨਾਂ ਨੇ ਕਿਹਾ ਕਿ ਹਰੇਕ ਘਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸੁਨੇਹਾ ਪੁੱਜਦਾ ਕਰਨ ਦੀ ਡਿਊਟੀ ਤੁਹਾਡੇ ਸਿਰ ਹੈ ਅਤੇ ਇਹ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ ਲਈ ਮਾਝੇ ਤੋਂ ਸ਼ੁਰੂਆਤ ਹੋਵੇਗੀ।
ਸ. ਮਜੀਠੀਆ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਕੇਂਦਰ ਸਰਕਾਰ ਦੇ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਦੇ ਭਵਿੱਖ ਲਈ ਆਪਣੀਆਂ ਨੀਤੀਆਂ ਤੋਂ ਜਾਣੂ ਕਰਾਉਣ ਲਈ ਉਚੇਚੇ ਤੌਰ ਤੇ ਪਹੁੰਚ ਰਹੇ ਹਨ। ਇਸ ਮੌਕੇ ਸ. ਮਨਜੀਤ ਸਿੰਘ ਮੰਨਾ ਮੁੱਖ ਸੰਸਦੀ ਸਕੱਤਰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਇਸ ਤੋਂ ਪਹਿਲਾਂ ਸ. ਮਜੀਠੀਆ ਨੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ, ਐਸ ਐਸ ਪੀ ਗੁਰਦਾਸਪੁਰ ਜਸਦੀਪ ਸਿੰਘ ਸੈਣੀ, ਐਸ. ਐਸ. ਪੀ ਬਟਾਲਾ ਦਲਜਿੰਦਰ ਸਿੰਘ ਢਿਲੋਂ, ਐਸ.ਡੀ.ਐਮ ਤੇਜਦੀਪ ਸਿੰਘ ਸੈਣੀ, ਡੀ.ਟੀ.ਓ ਲਵਜੀਤ ਕਲਸੀ, ਐਕਸੀਅਨ ਇੰਦਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media