Tuesday, November 24, 2026

ਆਕਾਸ਼ਵਾਣੀ ਦਿੱਲੀ ਤੋਂ ਪੰਜਾਬੀ ਖ਼ਬਰਾਂ ਦਾ ਪ੍ਰਸਾਰਣ ਬੰਦ ਕਰਨ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 21 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਆਕਾਸ਼ਵਾਣੀ ਦਿੱਲੀ ਤੋਂ ਪੰਜਾਬੀ ਖ਼ਬਰਾਂ ਦਾ ਪ੍ਰਸਾਰਣ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੰਸਕ੍ਰਿਤ ਤੇ ਉਰਦੂ ਬੋਲਣ ਤੇ ਸੁਣਨ ਵਾਲਿਆਂ ਦੀ ਗਿਣਤੀ ਨਾਮਾਤਰ ਹੈ, ਜਦੋਕਿ 35 ਫੀਸਦੀ ਪੰਜਾਬੀ ਭਾਸ਼ਾ ਬੋਲਣ ਵਾਲੇ ਰਹਿੰਦੇ ਹਨ ਜਿਨ੍ਹਾਂ ਨਾਲ ਪੱਖਪਾਤੀ ਰਵੱਈਏ ਤਹਿਤ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਲ ਇੰਡੀਆ ਰੇਡੀਓ ਤੋਂ ਕਾਫੀ ਸਮੇਂ ਤੋਂ ਚੱਲ ਰਹੀਆਂ ਪੰਜਾਬੀ ਖ਼ਬਰਾਂ ਨੂੰ ਸਟਾਫ ਦੀ ਘਾਟ ਦਾ ਬਹਾਨਾ ਲਾ ਕੇ ਦਿੱਲੀ ਤੋਂ ਤਬਦੀਲ ਕਰਨਾ ਮਾਂ-ਬੋਲੀ ਪੰਜਾਬੀ ਭਾਸ਼ਾ ਨਾਲ ਵੱਡਾ ਧੱਕਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ ‘ਤੇ ਬਣਦਾ ਮਾਣ ਸਤਿਕਾਰ ਮਿਲ ਰਿਹਾ ਹੈ, ਪਰ ਆਪਣੇ ਮੁਲਕ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਜਾਇਜ਼ ਨਹੀਂ ਹੈ।
ਉਨ੍ਹਾਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਰਵੀ ਸ਼ੰਕਰ ਪ੍ਰਸ਼ਾਦ ਤੋਂ ਮੰਗ ਕੀਤੀ ਕਿ ਪੰਜਾਬੀ ਖ਼ਬਰਾਂ ਦੇ ਪ੍ਰਸਾਰਣ ਨੂੰ ਬੰਦ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਪੂਰੀ ਸੁਹਿਰਦਤਾ ਨਾਲ ਇਸ ਨੂੰ ਬਣਦਾ ਮਾਣ ਸਤਿਕਾਰ ਦੇਣ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਬੋਲਣ ਵਾਲੇ ਸਟਾਫ ਦੀ ਘਾਟ ਨੂੰ ਪੂਰਾ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ ਜਿਸ ਲਈ ਕੇਂਦਰ ਸਰਕਾਰ ਵੱਲੋਂ ਠੋਸ ਯਤਨਾਂ ਦੀ ਜ਼ਰੂਰਤ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply