
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਕੁਮਾਰ ਕਮਿਸਨਰ ਨਗਰ ਨਿਗਮ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਕੁਲਦੀਪ ਸਿੰਘ ਡੀ.ਡੀ.ਪੀ.ਓ, ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ ਅਤੇ ਸਬੰਧਿਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੱਸਿਆ ਕਿ ਜਿਲ੍ਹੇ ਅੰਦਰ ਸਗਨ ਸਕੀਮਾਂ ਦੇ ਸਾਰੇ ਲਾਭਪਾਤਰੀਆਂ ਨੂੰ ਚੈਕ ਵੰਡ ਦਿੱਤੇ ਗਏ ਹਨ ਅਤੇ ਸਾਲ 2009 ਤੋਂ 2015 ਤੱਕ ਜੋ ਸਗਨ ਸਕੀਮ ਦੇ ਕੇਸ ਪੈਂਡਿੰਗ ਸਨ ਉਨ੍ਹਾਂ ਦੇ 56 ਚੈਕ ਵਿਭਾਗ ਨੂੰ ਹੋਰ ਪ੍ਰਾਪਤ ਹੋਏ ਹਨ ਉਨ੍ਹਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਚਲਾਈਆਂ ਗਈਆਂ ਪੈਂਨਸਨ ਸਕੀਮਾਂ ਅਧੀਨ ਉਨ੍ਹਾਂ ਕੋਲ ਜਿਨ੍ਹੇ ਵੀ ਲਾਭਪਾਤਰੀ ਸਨ ਉਨ੍ਹਾਂ ਨੂੰ ਪਿਛਲੀਆਂ ਪੈਂਨਸਨਾਂ ਦੀ ਵੰਡ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਬੀਮਾ ਯੋਜਨਾ ਅਧੀਨ 100 ਪ੍ਰਤੀਸ਼ਤ ਕੰਮ ਪੂਰਾ ਕਰ ਲਿਆ ਗਿਆ ਹੈ।ਇਸੇ ਹੀ ਤਰ੍ਹਾਂ ਸਰਕਾਰ ਵੱਲੋਂ ਚਲਾਈ ਗਈ ਆਟਾ ਦਾਲ ਯੋਜਨਾਂ ਦੇ ਅਧੀਨ ਜਿਲ੍ਹਾ ਪਠਾਨਕੋਟ ਅੰਦਰ ਪੂਰਾਨੇ 64 ਹਜਾਰ ਨੀਲੇ ਕਾਰਡਾਂ ਦੀ ਨਵੀਂ ਪ੍ਰੀਟਿੰਗ ਹੋ ਕੇ ਆ ਗਏ ਸਨ ਜੋ ਲਾਭਪਾਤਰੀਆਂ ਨੂੰ ਵੰਡ ਦਿੱਤੇ ਗਏ ਹਨ ਅਤੇ ਨਵੇਂ ਬਣਾਏ ਜਾ ਰਹੇ 2237 ਨੀਲੇ ਕਾਰਡਾਂ ਵਿੱਚੋਂ 1705 ਨੀਲੇ ਕਾਰਡਾਂ ਦਾ ਡਾਟਾ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਇਹ ਕਾਰਡ ਵੀ ਜਲਦੀ ਹੀ ਲਾਭਪਾਤਰੀਆਂ ਨੂੰ ਵੰਡ ਦਿੱਤੇ ਜਾਣਗੇ।
ਉਨ੍ਹਾਂ ਨੇ ਸਾਰੇ ਸਰਕਾਰੀ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰੀ ਵਿਭਾਗਾਂ ਵਿੱਚ ਚਲ ਰਹੇ ਕੰਮਾਂ ਦੀ ਚੈਕਿੰਗ ਕਰਨਾ ਜਰੂਰੀ ਬਣਾਉਣ ਅਤੇ ਨਿਰਧਾਰਤ ਸਮੇਂ ਅੰਦਰ ਚੈਕਿੰਗ ਦੀ ਰਿਪੋਰਟ ਉਨ੍ਹਾਂ ਦੇ ਦਫਤਰ ਵਿਖੇ ਜਮ੍ਹਾ ਕਰਵਾਈ ਜਾਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ ਕਰਨ।
Punjab Post Daily Online Newspaper & Print Media