Friday, August 7, 2026

ਕਮਜ਼ੋਰ ਵਰਗ ਦੀ ਬਿਹਤਰੀ ਲਈ ਭਲਾਈ ਸਕੀਮਾਂ ਚਲਾਉਣ ਚ ਪੰਜਾਬ ਨੇ ਦੂਜੇ ਰਾਜਾਂ ਨੂੰ ਪਛਾੜਿਆ – ਮਜੀਠਾ, ਗਿੱਲ

PPN3108201621ਮਜੀਠਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਰਾਜ ਸਭਾ ਮੈਂਬਰ ਸ. ਰਾਜ ਮਹਿੰਦਰ ਸਿੰਘ ਮਜੀਠਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ. ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਨੌਂ ਸਾਲਾਂ ਦੌਰਾਨ ਜਿੱਥੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ ਉੱਥੇ ਕਮਜ਼ੋਰ ਵਰਗ ਦੇ ਲੋਕਾਂ ਦੀ ਬਿਹਤਰੀ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਭਲਾਈ ਸਕੀਮਾਂ ਚਲਾ ਕੇ ਭਾਰਤ ਦੇ ਦੂਜੇ ਰਾਜਾਂ ਨੂੰ ਪਛਾੜਿਆ ਹੈ।
ਮਜੀਠਾ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਐਸੇ ਸੀ ਵਿੰਗ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕਰਵਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਮਜੀਠਾ ਅਤੇ ਸ; ਗਿੱਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾ ਦਾ ਖੁਲਾਸਾ ਕਰਦੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਗਰੀਬ ਆਦਮੀ ਦੀ ਸੁਣਵਾਈ ਕੇਵਲ ਤੇ ਕੇਵਲ ਸ. ਪਰਕਾਸ਼ ਸਿੰਘ ਬਾਦਲ ਦੇ ਰਾਜ-ਕਾਲ ਵਿੱਚ ਹੀ ਹੋਈ ਹੈ। ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਹਮੇਸ਼ਾ ਪਿੰਡਾਂ ਅਤੇ ਸ਼ਹਿਰਾਂ ਦੇ ਗਰੀਬ ਲੋਕਾਂ ਨੂੰ ਗਲੀਆਂ-ਨਾਲੀਆਂ ਵਿੱਚ ਉਲਝਾ ਰੱਖਿਆ, ਪਰ ਪੰਥਕ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਪ੍ਰਾਜੈਕਟ ਮੁਕੰਮਲ ਕਰਕੇ ਇਸ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਗ਼ਰੀਬ ਤੇ ਕਮਜ਼ੋਰ ਵਰਗ ਲਈ ਆਟਾ-ਦਾਲ ਸਕੀਮ, ਸ਼ਗਨ ਸਕੀਮ, ਮਕਾਨਾਂ ਅਤੇ ਫਲੱਸ਼ਾਂ ਦੀ ਉਸਾਰੀ, ਵਜ਼ੀਫਾ ਸਕੀਮਾਂ, ਮੁਫ਼ਤ ਕਿਤਾਬਾਂ, ਮੁਫ਼ਤ ਬਿਜਲੀ, ਹੁਨਰ ਵਿਕਾਸ ਲਈ ਮੁਫ਼ਤ ਤਕਨੀਕੀ ਸਿੱਖਿਆ ਅਤੇ ਟਰੇਨਿੰਗ, ਬੱਚੀਆਂ ਦੀ ਮੁਫ਼ਤ ਪੜ੍ਹਾਈ ਆਦਿ ਵਰਗੀਆਂ ਅਨੇਕਾਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਧਰਮਸ਼ਾਲਾ ਅਤੇ ਸ਼ਹਿਰਾਂ ਵਿੱਚ ਡਾ. ਅੰਬੇਦਕਰ ਭਵਨਾਂ ਦੀ ਉਸਾਰੀ ਕਰਵਾਈ ਗਈ ਹੈ ਅਤੇ ਅਨੁਸੂਚਿਤ ਜਾਤੀਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਪ੍ਰੋਟੈਕਸ਼ਨ ਸੈੱਲਾਂ ਦੀ ਸਥਾਪਨਾ ਕੀਤੀ ਗਈ ਹੈ।
ਸਰਕਲ ਮਜੀਠਾ ਨਾਲ ਸਬੰਧਤ ਪਿੰਡਾਂ ਵਿੱਚੋਂ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਵਹੀਰਾਂ ਘੱਤ ਕੇ ਆਏ ਐਸੇ ਸੀ. ਭਾਈਚਾਰੇ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਤਰਸੇਮ ਸਿੰਘ ਸਿਆਲਕਾ ਨੇ ਕਿਹਾ ਕਿ ਚਾਲੂ ਮਾਲੀ ਸਾਲ ਦੌਰਾਨ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਲਈ ਭਲਾਈ ਸਕੀਮਾਂ ‘ਤੇ 1060 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਜਦਕਿ ਪਿਛਲੇ ਸਾਲ 9984 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 5 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ 740 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਸਕੀਮ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ 5 ਸਾਲ ਪੁਰਾਣੇ ਸ਼ਗਨ ਸਕੀਮ ਦੇ ਬਕਾਇਆ ਪਏ ਕੇਸਾਂ ਵਿੱਚ ਵੀ ਲਾਭਪਾਤਰੀਆਂ ਨੂੰ ਮਾਲੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2007 ਤੋਂ 2015 ਦੌਰਾਨ ਸਰਕਾਰੀ ਸਕੂਲਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਤੱਕ ਦੇ 1 ਕਰੋੜ 33 ਲੱਖ ਵਿਦਿਆਰਥੀਆਂ ਨੂੰ 163 ਕਰੋੜ ਰੁਪਏ ਦੀਆਂ ਮੁਫ਼ਤ ਕਿਤਾਬਾਂ ਅਤੇ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਅਤੇ ਸਹੂਲਤਾਂ ਸਦਕਾ ਅੱਜ ਦਲਿਤ ਭਾਈਚਾਰਾ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹਾ ਹੈ।
ਉਨ੍ਹਾਂ ਦੱਸਿਆ ਕਿ ਅਨੁਸੂਚਿਤ ਵਿੰਗ ਦੀ ਮਜ਼ਬੂਤੀ ਲਈ ਜ਼ਿਲ੍ਹੇ ਭਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵਿੰਗ ਵੱਲੋਂ ਪਹਿਲਾਂ ਕੱਥੂਨੰਗਲ ਫਿਰ ਨਾਥ ਦੀ ਖੂਹੀ ਅਤੇ ਹੁਣ ਮਜੀਠਾ ਵਿੱਚ ਕੀਤਾ ਗਿਆ ਭਾਈਚਾਰੇ ਦਾ ਭਰਵਾਂ ਇਕੱਠ ਇਹ ਸਾਬਤ ਕਰਦਾ ਹੈ ਕਿ ਆਗਾਮੀ ਚੋਣਾਂ ਵਿੱਚ ਅਕਾਲੀ ਦਲ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ ਜਿਸ ਵਿੱਚ ਅਨੁਸੂਚਿਤ ਭਾਈਚਾਰੇ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਵਿੰਗ ਵੱਲੋਂ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ। ਰੈਲੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਗੁਰਦਿੰਰਪਾਲ ਸਿੰਘ ਲਾਲੀ ਰਣੀਕੇ, ਚੇਅਰਮੈਨ ਜ਼ੈਲ ਸਿੰਘ ਗੋਪਾਲਪੁਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਸ. ਬਲਬੀਰ ਸਿੰਘ ਚੰਦੀ, ਚੇਅਰਮੈਨ ਬਲਾਕ ਸੰਮਤੀ ਸ. ਗੁਰਵੇਲ ਸਿੰਘ ਅਲਕੜੇ, ਇਸਤਰੀ ਵਿੰਗ ਦੇ ਆਗੂ ਬੀਬੀ ਪਲਵਿੰਦਰ ਕੌਰ ਸੰਧੂ , ਪੋ: ਸਰਚਾਂਦ ਸਿੰਘ, ਗਗਨਦੀਪ ਸਿੰਘ ਪਕਨਾ, ਰਾਕੇਸ਼ ਪ੍ਰਾਸ਼ਰ, ਰਾਜਾ ਮੀਆਂ ਪੰਧੇਰ ਅਤੇ ਹੋਰ ਦਲਿਤ ਭਾਈਚਾਰੇ ਦੇ ਅਕਾਲੀ ਆਗੂ ਵੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply